ਮੋਦੀ ਕੋਲ ਜਾਣ ਦੀ ਬਜਾਏ ਮਰਨ ਵਰਤ ਖੁੱਲ੍ਹਵਾਉਣ ਲਈ ਜਥੇਦਾਰ ਕੋਲ ਕਿਉਂ ਗਏ ਭਾਜਪਾ ਲੀਡਰ ?
ਜਗਜੀਤ ਸਿੰਘ ਡੱਲੇਵਾਲ ਨੇ ਪੁੱਛਿਆ ਸਵਾਲ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਨੂੰ 46 ਦਿਨ ਹੋ ਗਏ ਹਨ ਤੇ ਉਨ੍ਹਾਂ ਦੀ ਹਾਲਤ ਵਿਗੜ ਰਹੀ ਹੈ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਭਾਜਪਾ ਦੇ ਲੀਡਰਾਂ ਨੇ ਕੇਂਦਰ ਨਾਲ ਗੱਲ ਕਰਨ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਡੱਲੇਵਾਲ ਨੂੰ ਕਹਿ ਕੇ ਉਨ੍ਹਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾਵੇ। ਇਸ ਤੋਂ ਬਾਅਦ ਡੱਲੇਵਾਲ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਸਾਂਝੀ ਕੀਤੀ ਗਈ ਹੈ।
ਇਸ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਸੰਦੇਸ਼ ਜਾਰੀ ਕੀਤਾ ਗਿਆ ਹੈ ਜਿਸ ਦਾ ਮਜਮੂਨ ਲਿਖਿਆ ਹੈ, ਪੰਜਾਬ ਭਾਜਪਾ ਵੱਲੋਂ ਆਪਣਾ ਸਹੀ ਫਰਜ ਨਿਭਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਕੇ ਕਿਸਾਨਾ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਅਪੀਲ ਕਰਨ ਦੀ ਬਜਾਏ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮਿਲ ਕੇ 46 ਦਿਨ ਤੋਂ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਉੱਪਰ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਲੀਡਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਪੰਜ ਪਿਆਰਿਆਂ ਨੂੰ ਅਪੀਲ ਕੀਤੀ ਹੈ ਕਿ ਜਥੇਦਾਰ, ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੋੜਣ ਲਈ ਕਹਿਣ। ਡੱਲੇਵਾਲ ਨੇ ਕਿਹਾ ਕਿ ਇਹ ਪੰਜਾਬ ਦੇ ਲੀਡਰ ਹਨ ਤੇ ਇਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਪ ਰਾਸ਼ਟਰਪਤੀ, ਅਮਿਤ ਸ਼ਾਹ ਤੇ ਖੇਤੀਬਾੜੀ ਮੰਤਰੀ ਕੋਲ ਜਾਣਾ ਚਾਹੀਦਾ ਸੀ ਪਰ ਇਹ ਜਥੇਦਾਰ ਨੂੰ ਮਿਲਣ ਲਈ ਗਏ ਹਨ। ਡੱਲੇਵਾਲ ਨੇ ਕਿਹਾ ਕਿ ਇਸ ਸਭ ਦਾ ਕੀ ਮਤਲਬ ਨਿਕਲਦਾ ਹੈ, ਅਸੀਂ ਤਾਂ ਕਹਿਣੇ ਹਾਂ ਕਿ ਨਰਿੰਦਰ ਮੋਦੀ ਕੋਲ ਜਾਓ ਤੇ ਉਨ੍ਹਾਂ ਨੂੰ ਕਹੋ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ, ਭੁੱਖ ਹੜਤਾਲ ਉਸੇ ਵੇਲੇ ਹੀ ਖ਼ਤਮ ਕਰ ਦਿੱਤੀ ਜਾਵੇਗੀ।
EDITED BY- HARLEEN KAUR