ਨਵੀਆਂ ਮੁਸ਼ਕਲਾਂ ‘ਚ ਫਸੇ MP ਅੰਮ੍ਰਿਤਪਾਲ ਸਿੰਘ
ਪਹਿਲਾਂ ਲੱਗਾ ਐਨਐਸਏ, ਹੁਣ ਲੱਗਾ ਯੂਏਪੀਏ, ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕੇਸ 'ਚ ਕਾਰਵਾਈ
ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਜਿਸਦਾ ਨਾਮ ਵਿਦੇਸ਼ ਵਿੱਚ ਬੈਠੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਨਾਲ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕੇਸ ਦੇ ਵਿਚ ਨਾਮਜ਼ਦ ਹੈ। ਉਸ ਦੇ ਖਿਲਾਫ ਹੁਣ ਯੂ.ਏ.ਪੀ.ਏ. ਦੀ ਧਾਰਾ ਦੇ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ ਸਾਲ 9 ਅਕਤੂਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਅਰਸ਼ ਡੱਲਾ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕਤਲ ਕਰਨ ਵਾਲੇ ਦੋ ਸ਼ੂਟਰ, ਰੇਕੀ ਕਰਨ ਵਾਲੇ ਤਿੰਨ ਮੁਲਜ਼ਮਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲੇ ਸਹਿ-ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ। ਹੁਣ ਐਸ.ਆਈ.ਟੀ. ਨੇ ਇਸ ਮਾਮਲੇ ਵਿੱਚ ਯੂ.ਏ.ਪੀ.ਏ. ਦੀ ਧਾਰਾ ਵੀ ਲਗਾਈ ਹੈ, ਜਿਸ ਬਾਰੇ ਅਦਾਲਤ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ। ਯੂ.ਏ.ਪੀ.ਏ. ਲਾਗੂ ਹੋਣ ਤੋਂ ਬਾਅਦ, ਐਨ.ਐਸ.ਏ. ਅਧੀਨ ਡਿਬਰੂਗੜ੍ਹ ਜੇਲ੍ਹ ਵਿੱਚ ਪਹਿਲਾਂ ਹੀ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਜਾਣਗੀਆਂ।