
ਪੰਜਾਬ ਭਾਜਪਾ ਦੇ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਹੋਈ। ਅਦਾਲਤ ਨੇ ਉਨ੍ਹਾਂ ਨੂੰ ਫਿਲਹਾਲ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਸੋਮਵਾਰ ਤੱਕ ਪੁੱਛਗਿੱਛ ਲਈ ਨਹੀਂ ਸੱਦਿਆ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਸਿਰਫ਼ 12 ਘੰਟੇ ਬਾਅਦ, ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਚਾਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਖਾਸ ਗੱਲ ਇਹ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਆਪਣੀ ਰਿਹਾਇਸ਼ ‘ਤੇ ਹੀ ਭਾਜਪਾ ਵਿੱਚ ਸ਼ਾਮਲ ਕਰਵਾਇਆ ਸੀ।
ਪਟੀਸ਼ਨ ਵਿੱਚ ਗਿੱਲ ਨੇ ਕਿਹਾ ਕਿ ਜਿਵੇਂ ਹੀ ਉਹ 1 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋਏ, ਉਨ੍ਹਾਂ ਵਿਰੁੱਧ ਬਦਲਾ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰੇ ‘ਤੇ ਵਿਜੀਲੈਂਸ ਵਿਭਾਗ ਨੇ ਬਿਨਾਂ ਕਿਸੇ ਸੰਮਨ, ਨੋਟਿਸ ਜਾਂ ਕਾਨੂੰਨੀ ਪ੍ਰਕਿਰਿਆ ਦੇ ਸਰਚ ਵਾਰੰਟ ਹਾਸਲ ਕੀਤੇ। ਇਸ ਦੇ ਨਾਲ ਹੀ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਸਮੇਤ ਉਨ੍ਹਾਂ ਦੇ ਚਾਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਪਰ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
EDITED BY- HARLEEN KAUR




