
ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਇਸ ਸਮੇਂ ਬਿਆਸ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਤੇ ਇਸ ਕਾਰਨ ਨੇੜਲੇ ਪਿੰਡਾਂ ਅਤੇ ਖੇਤਾਂ ਵਿਚ ਪਾਣੀ ਭਰ ਗਿਆ। ਪਾਣੀ ਧੁੱਸੀ ਬੰਨ੍ਹ ਨੂੰ ਲੱਗ ਚੁੱਕਾ ਹੈ।
ਦਰਅਸਲ, ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਇਸ ਕਾਰਨ ਬਿਆਸ ਦਰਿਆ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਤੇ ਨੇੜਲੇ ਪਿੰਡਾਂ ਅਤੇ ਖੇਤਾਂ ਵਿਚ ਪਾਣੀ ਭਰ ਗਿਆ।
ਅੱਜ ਬਾਅਦ ਦੁਪਹਿਰ ਤਿੰਨ ਵਜੇ ਤੱਕ 1.22000 ਕਿਊਸਿਕ ਪਾਣੀ ਚੱਲ ਰਿਹਾ ਸੀ ਅਤੇ ਪਾਣੀ ਦੇ ਹੋਰ ਵਧਣ ਦੇ ਅਸਾਰ ਹਨ। ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਧੁੱਸੀ ਬੰਨ੍ਹ ਨਾਲ ਲੱਗ ਚੁੱਕਾ ਹੈ ਅਤੇ ਧੁੱਸੀ ਬੰਨ੍ਹ ਦੇ ਅੰਦਰ ਖੇਤਾਂ ਵਿਚਲੀ ਫ਼ਸਲ ਪਾਣੀ ਵਿਚ ਡੁੱਬ ਚੁੱਕੀ ਹੈ ਅਤੇ ਕਈ ਪਿੰਡਾਂ ਨੂੰ ਪਾਣੀ ਨਾਲ ਨੁਕਸਾਨ ਹੋ ਸਕਦਾ ਹੈ। ਨੀਵੇਂ ਖੇਤਰ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।
ਇਸ ਸਬੰਧੀ ਐਸ.ਡੀ.ਐਮ. ਬਾਬਾ ਬਕਾਲਾ ਅਮਨਦੀਪ ਸਿੰਘ ਨੇ ਕਿਹਾ ਕਿ ਤਹਿਸੀਲ ਬਾਬਾ ਬਕਾਲਾ ਦੇ ਇਲਾਕੇ ਵਿਚ ਉਨ੍ਹਾਂ ਵੱਲੋਂ ਟੀਮਾਂ ਲਾ ਦਿੱਤੀਆਂ ਗਈਆਂ ਹਨ ਅਤੇ ਨਾਇਬ ਤਹਿਸੀਲਦਾਰ ਬਿਆਸ ਦੀ ਅਗਵਾਈ ਹੇਠ ਟੀਮ ਵੱਲੋਂ ਮੰਡ ਖੇਤਰ ਵਿਚ ਘਰਾਂ ਵਿਚ ਲੋਕਾਂ ਅਤੇ ਪਸ਼ੂਆਂ ਨੂੰ ਉੱਚੀ ਜਗ੍ਹਾ ਉਤੇ ਲਿਆਂਦਾ ਗਿਆ ਹੈ। ਹੜ੍ਹ ਨਾਲ ਸਬੰਧਤ ਕਿਸੇ ਵੀ ਹਾਲਾਤ ਨਾਲ ਸਿੱਝਣ ਲਈ ਤਹਿਸੀਲ ਕੰਪਲੈਕਸ ਵਿਚ ਕੰਟਰੋਲ ਰੂਮ ਬਣਾਇਆ ਗਿਆ ਹੈ। ਹੁਸ਼ਿਆਰਪੁਰ ਦਾ ਭੰਗੀ ਚੋਅ ਓਵਰਫਲੋਅ ਹੋ ਗਿਆ ਹੈ। ਮੀਂਹ ਕਰਕੇ ਭੰਗੀ ਚੋਅ ‘ਚ ਹੜ੍ਹ ਵਰਗੇ ਹਾਲਾਤ ਗਏ ਹਨ। ਇਥੇ ਸੜਕਾਂ ਦੇ ਉਪਰੋਂ ਪਾਣੀ ਲੰਘ ਰਿਹਾ ਹੈ। ਲੋਕਾਂ ਦੇ ਘਰਾਂ ਅੰਦਰ ਪਾਣੀ ਦਾਖਲ ਹੋ ਗਿਆ ਹੈ। ਨੇੜਲੇ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਬਣੇ ਗਏ ਹਨ।
EDITED BY- HARLEEN KAUR


