
ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਆਧੁਨਿਕ ਅਤੇ ਪਹੁੰਚਯੋਗ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜਿਸ ਨਾਲ ਕਲੀਨਿਕਾਂ ਦੀ ਕੁੱਲ ਗਿਣਤੀ 1081 ਹੋ ਜਾਵੇਗੀ। ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਲਾਜ ਲਈ ਦੂਰ ਜਾਣ ਦੀ ਪਰੇਸ਼ਾਨੀ ਤੋਂ ਬਚਾਉਣਾ ਹੈ। ਇਸ ਦੇ ਨਾਲ ਹੀ, ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਨ ਦੀ ਪਹਿਲ ਕੀਤੀ ਹੈ। ਇਸ ਨਾਲ ਮਰੀਜ਼ਾਂ ਨੂੰ ਡਾਕਟਰ ਦੀ ਪਰਚੀ, ਟੈਸਟ ਰਿਪੋਰਟ ਅਤੇ ਅਗਲੀ ਮੁਲਾਕਾਤ ਵਰਗੀ ਸਾਰੀ ਜਾਣਕਾਰੀ ਉਨ੍ਹਾਂ ਦੇ ਮੋਬਾਈਲ ‘ਤੇ ਮਿਲ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੂਬੇ ਵਿੱਚ 565 ਪੇਂਡੂ ਅਤੇ 316 ਸ਼ਹਿਰੀ ਕਲੀਨਿਕ ਕੰਮ ਕਰ ਰਹੇ ਹਨ, ਜਿੱਥੇ ਰੋਜ਼ਾਨਾ ਲਗਭਗ 70,000 ਮਰੀਜ਼ ਇਲਾਜ ਕਰਵਾਉਂਦੇ ਹਨ।
ਸੀਐਮ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਸਭ ਤੋਂ ਵੱਧ ਮਰੀਜ਼ ਔਰਤਾਂ ਅਤੇ ਬਜ਼ੁਰਗ ਹਨ, ਜਿਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਸ਼ਾਨਦਾਰ ਮੁਫ਼ਤ ਇਲਾਜ ਮਿਲਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਕਦਮੀ ਸਰਕਾਰੀ ਸਿਹਤ ਸੇਵਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਜਲਦੀ ਹੀ 200 ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਇਸ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ।
EDITED BY- HARLEEN KAUR



