ਪੰਜਾਬ ਦੇ ਇਸ ਇਲਾਕੇ ਵਿਚ 29 ਸਤੰਬਰ ਤੱਕ ਸਕੂਲ ਬੰਦ

ਦੇਸ਼ ਭਰ ਵਿਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਨ੍ਹੀਂ ਦਿਨੀਂ ਦੇਸ਼ ਨਵਰਾਤਰੀ ਦੇ ਰੰਗਾਂ ਵਿੱਚ ਰੰਗਿਆ ਹੋਇਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਮਾਈਸਰਖਾਨਾ ਵਿਖੇ 28 ਸਤੰਬਰ ਨੂੰ ਲੱਗਣ ਵਾਲੇ ਸਾਲਾਨਾ ਧਾਰਮਿਕ ਮੇਲੇ ਦੇ ਮੱਦੇਨਜ਼ਰ 27 ਤੋਂ 29 ਸਤੰਬਰ ਤੱਕ ਖਾਸ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ ਐਜੂਕੇਸ਼ਨ (ਫਾਰ ਗਰਲਜ਼) ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਉਪ ਮੰਡਲ ਮੈਜਿਸਟਰੇਟ ਮੌੜ ਦੀ ਸਿਫਾਰਸ਼ ਉਤੇ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਹਰ ਸਾਲ ਲੱਖਾਂ ਸ਼ਰਧਾਲੂ ਇਸ ਧਾਰਮਿਕ ਮੇਲੇ ਵਿੱਚ ਸ਼ਮੂਲੀਅਤ ਲਈ ਪਹੁੰਚਦੇ ਹਨ। ਵੱਡੀ ਗਿਣਤੀ ਦੇ ਆਉਣ ਕਾਰਨ ਕਸਬੇ ਵਿਚ ਭੀੜ ਹੋ ਜਾਂਦੀ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਜੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜੇਸ਼ ਧੀਮਾਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਇਸ ਅਨੁਸਾਰ 27 ਤੋਂ 29 ਸਤੰਬਰ ਤੱਕ ਮਾਈਸਰਖਾਨਾ ਪਿੰਡ ਦੀ ਹਦੂਦ ਅੰਦਰ ਸਾਰੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਬੰਦ ਰਹਿਣਗੇ। ਨਾ ਹੀ ਕਿਸੇ ਵਿਅਕਤੀ ਨੂੰ ਸ਼ਰਾਬ ਦਾ ਭੰਡਾਰ ਰੱਖਣ ਜਾਂ ਵੇਚਣ ਦੀ ਆਗਿਆ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੌਰਾਨ ਸ਼ਰਾਬ ਜਾਂ ਨਸ਼ਿਆਂ ਦੀ ਵਰਤੋਂ ਨਾਲ ਧਾਰਮਿਕ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਨਾਲ ਅਮਨ ਤੇ ਸ਼ਾਂਤੀ ਭੰਗ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਮੇਲੇ ਦੇ ਸਮੇਂ ਦੌਰਾਨ ਸ਼ਰਾਬ ਦੀ ਵਿਕਰੀ ਤੇ ਪਾਬੰਦੀ ਲਗਾਉਣਾ ਜ਼ਰੂਰੀ ਸਮਝਿਆ ਗਿਆ ਹੈ।




