
ਪੰਜਾਬ ਦੇ ਮੌਸਮ ਸਬੰਧੀ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਫਿਰ ਤੋਂ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ, ਅਤੇ 18 ਅਤੇ 19 ਸਤੰਬਰ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਅੱਜ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਹ ਸਿਲਸਲਾ ਅਗਲੇ ਕੁਝ ਦਿਨ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਧਰ, ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਈਆਂ ਹਨ। ਇਸ ਦੇ ਨਾਲ ਹੀ ਧੁੱਸੀ ਬੰਨ੍ਹ ਨੂੰ ਖਤਰਾ ਹੋਰ ਵਧ ਗਿਆ ਹੈ।
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ ਪਾਣੀ ਖਤਰੇ ਦੇ ਨਿਸ਼ਾਨ ਉਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰਕੇ ਪ੍ਰਸ਼ਾਸਨ ਨੇ ਝੀਲ ਦਾ ਇੱਕ ਫਲੱਡ ਗੇਟ ਸਵੇਰ ਤਿੰਨ ਵਜੇ ਖੋਲ੍ਹ ਦਿੱਤਾ ਹੈ।
ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਖਤਰੇ ਦਾ ਨਿਸ਼ਾਨ 1163 ਫੁੱਟ ਉਤੇ ਹੈ ਅਤੇ ਅੱਜ ਪਾਣੀ ਦਾ ਪੱਧਰ 1163 ਫੁੱਟ ਨੂੰ ਟੱਪ ਗਿਆ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਇਲਾਕੇ ਵਿੱਚ ਚਿਤਾਵਨੀ ਜਾਰੀ ਕਰਦਿਆਂ ਇੱਕ ਫਲੱਡ ਗੇਟ ਖੋਲ੍ਹ ਦਿੱਤਾ ਹੈ। ਆਈਐਮਡੀ ਤੋਂ ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪਵੇਗਾ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸ ਸਮੇਂ ਇਨ੍ਹਾਂ ਜ਼ਿਲ੍ਹਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ।



