टॉप न्यूज़

ਗੁਰਦਾਸਪੁਰ ਪ੍ਰਸ਼ਾਸਨ ਨੇ ਚੁੱਕਿਆ ਵੱਡਾ ਕਦਮ

ਪਰਾਲੀ ਸਾੜਨ ਵਾਲਿਆਂ ਲਈ ਸਖ਼ਤ ਹਦਾਇਤਾਂ

ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਪਰਾਲੀ ਦੀ ਅੱਗ ਨੂੰ ਰੋਕਣ ਲਈ ਮੋਰਚਾ ਸੰਭਾਲਿਆ ਹੋਇਆ ਹੈ। ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਰੋਜ਼ਾਨਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਕਾਦੀਆਂ ਬਲਾਕ ਦੇ ਪਿੰਡ ਮਨੋਹਰਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਅਤੇ ਲਾਭਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਸਾਡਾ ਵਾਤਾਵਰਨ ਪਲੀਤ ਹੁੰਦਾ ਹੈ, ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਜ਼ਹਿਰੀਲਾ ਧੂੰਆਂ ਅੱਗ ਲਗਾਉਣ ਵਾਲੇ ਕਿਸਾਨਾਂ ਅਤੇ ਉਸ ਪਿੰਡ ਨੂੰ ਵੀ ਆਪਣਾ ਮਾਰੂ ਅਸਰ ਕਰਦਾ ਹੈ। ਇਸ ਲਈ ਸਾਨੂੰ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਖੇਤੀ ਮਸ਼ੀਨਰੀ ਰਾਹੀਂ ਅਸਾਨੀ ਨਾਲ ਕੀਤੀ ਜਾ ਸਕਦੀ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਖੇਤੀ ਸੰਦ ਉਪਲਬਧ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਸਾਰੇ ਪਿੰਡਾਂ ਵਿੱਚ ਖੇਤੀ ਸੰਦਾਂ ਦੀ ਮੈਪਿੰਗ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਆਦਿ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰ ਰਹੇ ਹਨ। ਇਸ ਤੋਂ ਇਲਾਵਾ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਗਠਨ ਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!