
ਉੱਤਰੀ ਭਾਰਤ ਦੇ ਕਈ ਸ਼ਹਿਰ ਕੜਾਕੇ ਦੀ ਠੰਢ ਦੀ ਲਪੇਟ ਵਿਚ ਹਨ, ਉੱਥੇ ਹੀ ਚਾਰ ਰਾਜਾਂ ਵਿੱਚ ਬਾਰਿਸ਼ ਨਾਲ ਸਥਿਤੀ ਹੋਰ ਵਿਗੜਨ ਦੀ ਸੰਭਾਵਨਾ ਹੈ। ਬਾਰਿਸ਼ ਕਾਰਨ ਤਾਪਮਾਨ ਹੋਰ ਥੱਲੇ ਆਉਣ ਦੀ ਉਮੀਦ ਹੈ। ਇਸ ਦੌਰਾਨ ਲੌਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ 7 ਅਤੇ 8 ਦਸੰਬਰ ਨੂੰ ਕਈ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 10 ਵੱਡੇ ਸ਼ਹਿਰਾਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਸਵੇਰੇ 15 ਤੋਂ 20 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਕੜਾਕੇ ਦੀ ਠੰਢ ਦੇ ਵਿਚਕਾਰ ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਜਾਵੇਗਾ, ਜਦੋਂ ਕਿ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਆਉਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਤੋਂ ਬਾਅਦ ਦੀ ਬਾਰਿਸ਼ ਵਿੱਚ ਕਾਫ਼ੀ ਕਮੀ ਆਈ ਹੈ, ਪਰ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਪਹਾੜੀ ਖੇਤਰਾਂ ਵਿੱਚ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।
10 ਪ੍ਰਮੁੱਖ ਉੱਤਰੀ ਭਾਰਤੀ ਸ਼ਹਿਰਾਂ- ਕਾਨਪੁਰ, ਲਖਨਊ, ਦਿੱਲੀ, ਆਗਰਾ, ਸ਼ਿਮਲਾ, ਨੈਨੀਤਾਲ, ਦੇਹਰਾਦੂਨ, ਪ੍ਰਯਾਗਰਾਜ, ਮਨਾਲੀ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ।
EDITED BY- HARLEEN KAUR




