
ਲੁਧਿਆਣਾ ਦੇ ਪਿੰਡ ਗਿੱਲ ਵਿੱਚ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਰੋਧੀ ਧੜੇ ਦਰਮਿਆਨ ਹਿੰਸਕ ਝੜਪ ਹੋ ਗਈ। ਜਾਣਕਾਰੀ ਮੁਤਾਬਕ, ਜਸ਼ਨ ਦੌਰਾਨ ਵਿਵਾਦ ਵਧ ਗਿਆ, ਜਿਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਸਰਪੰਚ ਵੱਲੋਂ AAP ਵਰਕਰਾਂ ‘ਤੇ ਗੋਲੀਆਂ ਚਲਾਉਣ ਦਾ ਦੋਸ਼ ਲੱਗਾ ਹੈ।
ਘਟਨਾ ਮੌਕੇ ਦੂਜੇ ਪਾਸੇ ਤੋਂ ਭਾਰੀ ਪਥਰਾਅ ਵੀ ਹੋਇਆ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਅਤੇ ਪਥਰਾਅ ਕਾਰਨ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਣ ਦੀ ਵੀ ਸੂਚਨਾ ਹੈ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ‘ਚ ਲਿਆ। ਇਲਾਕੇ ‘ਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਹਾਂ ਪਾਸਿਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਹਾਲਾਂਕਿ, ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਲਾਕੇ ‘ਚ ਅਮਨ-ਕਾਨੂੰਨ ਬਣਾਈ ਰੱਖਣ ਲਈ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ।
EDITED BY- HARLEEN KAUR



