टॉप न्यूज़

ਪੰਜਾਬ-ਚੰਡੀਗੜ੍ਹ ‘ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਧੁੱਪ ਨਿਕਲਣ ਨਾਲ ਦਿਨ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਰਾਤਾਂ ਅਜੇ ਵੀ ਕਾਫ਼ੀ ਠੰਢੀਆਂ ਬਣੀਆਂ ਹੋਈਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀਕਿ ਮੰਗਲਵਾਰ ਤੋਂ 9 ਜਨਵਰੀ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਸੰਘਣੇ ਕੋਹਰੇ ਅਤੇ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਵੀ ਕੁੱਝ ਹਿੱਸਿਆਂ ਦੇ ਵਿੱਚ ਧੁੱਪ ਦੀ ਚਮਕ ਨਜ਼ਰ ਆ ਸਕਦੀ ਹੈ।

ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 3.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਹੱਦਾਂ ਦੇ ਨੇੜੇ ਪਹੁੰਚ ਗਿਆ ਹੈ। ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ 1.5 ਡਿਗਰੀ ਦੀ ਕਮੀ ਆਈ ਹੈ। ਬਠਿੰਡਾ ਅਤੇ ਫਰੀਦਕੋਟ 4.5 ਡਿਗਰੀ ਸੈਲਸੀਅਸ ਨਾਲ ਸੂਬੇ ਦੇ ਸਭ ਤੋਂ ਠੰਢੇ ਜ਼ਿਲ੍ਹੇ ਰਹੇ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ 18 ਜ਼ਿਲ੍ਹਿਆਂ ਵਿੱਚ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਸ਼ਾਮਲ ਹਨ।

ਉੱਥੇ ਹੀ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਇਸ ਦੌਰਾਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!