
ਪੰਜਾਬ ਵਿੱਚ ਕੜਾਕੇ ਦੀ ਠੰਢ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਜ਼ੀਰੋ ਦੇ ਨੇੜੇ ਪਹੁੰਚ ਗਿਆ ਹੈ। ਨਵਾਂਸ਼ਹਿਰ ਵਿੱਚ ਤਾਪਮਾਨ 0° ਸੈਲਸੀਅਸ ਦਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੰਘਣੀ ਧੁੰਦ ਨੇ ਸਵੇਰ ਦੇ ਸਮੇਂ ਵਾਹਨਾਂ ਦੀ ਰਫ਼ਤਾਰ ਮੱਠੀ ਕਰ ਦਿੱਤੀ। ਧੁੰਦ ਕਾਰਨ ਕਈ ਜ਼ਿਲ੍ਹਿਆਂ ਵਿੱਚ ਜ਼ੀਰੋ ਵਿਜ਼ੀਬਿਲਟੀ ਦੀ ਸਥਿਤੀ ਬਣੀ ਰਹੀ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.6° ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਫਰੀਦਕੋਟ ਵਿੱਚ ਤਾਪਮਾਨ 2.0° ਸੈਲਸੀਅਸ ਰਿਹਾ। ਪਟਿਆਲਾ ਵਿੱਚ ਵੀ ਤਾਪਮਾਨ 3.0° ਸੈਲਸੀਅਸ ਤੱਕ ਡਿੱਗ ਗਿਆ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 18 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਅਗਲੇ 6 ਦਿਨਾਂ ਲਈ ਕੜਾਕੇ ਦੀ ਠੰਢ ਨੂੰ ਦੇਖਦਿਆਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਕੱਲ੍ਹ ਰਾਤ ਤੋਂ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ।
EDITED BY- HARLEEN KAUR




