
ਜਲੰਧਰ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਥਾਣਾ ਰਾਮਾ ਮੰਡੀ ਦੇ ਅਧੀਨ ਜੰਡੂ ਸਿੰਘਾ ਇਲਾਕੇ ਦੇ ਪਿੰਡ ਧੋਗੜੀ ਵਿੱਚ ਕੁਝ ਨੌਜਵਾਨਾਂ ਨੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਘਰ ਅੰਦਰ ਵੜਦੇ ਹੀ ਤਿੰਨ ਹਵਾਈ ਫਾਇਰ ਕੀਤੇ ਅਤੇ ਉੱਥੇ ਮੌਜੂਦ ਲੋਕਾਂ ‘ਤੇ ਤਲਵਾਰਾਂ ਅਤੇ ਹੋਰ ਹਥਿਆਰਾਂ ਨਾਲ ਵਾਰ ਕੀਤੇ। ਇਸ ਹਮਲੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੀੜਤ ਮਹਿਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸਦੇ ਪੁੱਤਰ ਦਾ ਪਿੰਡ ਦੇ ਕੁਝ ਨੌਜਵਾਨਾਂ ਨਾਲ ਵਿਵਾਦ ਹੋਇਆ ਸੀ, ਜਿਸ ਦੌਰਾਨ ਹਮਲਾਵਰਾਂ ਨੇ ਉਸਦੇ ਪੁੱਤਰ ਦੇ ਹੱਥ ‘ਤੇ ਖੰਡੇ ਨਾਲ ਵਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਸੀ। ਉਸ ਸਮੇਂ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ।
ਮਹਿਲਾ ਦੇ ਮੁਤਾਬਕ, ਦੁਪਹਿਰ ਸਮੇਂ ਰਾਹੁਲ ਅਤੇ ਸੌਰਭ ਆਪਣੇ ਤਿੰਨ ਹੋਰ ਸਾਥੀਆਂ ਨਾਲ ਘਰ ਆਏ ਅਤੇ ਅਚਾਨਕ ਉਸਦੇ ਪੁੱਤਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜ਼ਖ਼ਮੀ ਦੀ ਭੈਣ ਰਿੰਪੀ ਨੇ ਦੱਸਿਆ ਕਿ ਚਾਰ ਨੌਜਵਾਨ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋ ਗਏ ਅਤੇ ਉਸਦੇ ਭਰਾ ਨੂੰ ਬੇਰਹਮੀ ਨਾਲ ਕੁੱਟਣ ਲੱਗ ਪਏ। ਸ਼ੋਰ ਸੁਣ ਕੇ ਜਦੋਂ ਇਲਾਕੇ ਦੇ ਲੋਕ ਇਕੱਠੇ ਹੋਣ ਲੱਗੇ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ, ਪਰ ਜਾਂਦੇ-ਜਾਂਦੇ ਦਹਿਸ਼ਤ ਫੈਲਾਉਣ ਲਈ ਉਨ੍ਹਾਂ ਨੇ ਤਿੰਨ ਹਵਾਈ ਫਾਇਰ ਵੀ ਕੀਤੇ।
ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਸ਼ਿਕਾਇਤ ਕਰਨ ਦੇ ਬਾਵਜੂਦ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮਿਲੀਆਂ ਵੀਡੀਓਜ਼ ਦੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
EDITED BY- HARLEEN KAUR


