
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਜਥੇਬੰਦੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੀ ਅਣਦੇਖੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੁਣ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀਆਂ ਲਾਰਾ ਲਾਓ ਨੀਤੀਆਂ ਦਾ ਜਵਾਬ ਦੇਣ ਲਈ ਹੁਣ ‘ਮਿਸ਼ਨ 2027’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫਿਰੋਜ਼ਪੁਰ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਕਰੀਬਨ 6600 ਕੰਪਿਊਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਅਤੇ ਬਿਨਾਂ ਕਿਸੇ ਪੱਕੇ ਰੁਜ਼ਗਾਰ ਲਾਭ ਦੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਕੁੰਭਕਰਨੀ ਨੀਂਦ ਸੌਂ ਗਈ ਹੈ।
ਆਗੂਆਂ ਨੇ ‘ਮਿਸ਼ਨ 2027’ ਦੀ ਰਣਨੀਤੀ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਸਿਰਫ ਇੱਕ ਜ਼ਿਲ੍ਹੇ ਜਾਂ ਇੱਕ ਹਲਕੇ ਤੱਕ ਹੀ ਸੀਮਤ ਨਹੀਂ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਕੰਪਿਊਟਰ ਅਧਿਆਪਕ ਹੁਣ ਹਰ ਫ੍ਰੰਟ ‘ਤੇ ਸਰਕਾਰ ਨੂੰ ਘੇਰਨਗੇ। ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਅਤੇ ਸਰਕਾਰ ਦੇ ਹਰ ਸਮਾਗਮ ਵਿੱਚ ਕੰਪਿਊਟਰ ਅਧਿਆਪਕ ਪਹੁੰਚ ਕੇ ਵੱਡੇ ਪੱਧਰ ‘ਤੇ ਆਪਣਾ ਵਿਰੋਧ ਦਰਜ ਕਰਵਾਉਣਗੇ। ਜਿੱਥੇ ਕਿਤੇ ਵੀ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉੱਥੇ ਅਧਿਆਪਕ ਕਾਲੀਆਂ ਪੱਟੀਆਂ ਅਤੇ ਬੈਨਰ ਲੈ ਕੇ ਸਰਕਾਰ ਦੀ ਵਾਅਦਾਖਿਲਾਫੀ ਦਾ ਪੋਲ ਖੋਲ੍ਹਣਗੇ।
ਆਗੂਆਂ ਨੇ ਦੁਹਰਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸ ਨਿਯਮਾਂ ਤਹਿਤ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ ਅਤੇ 6ਵਾਂ ਪੇ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਣ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਣਦੀ ਵਿੱਤੀ ਸਹਾਇਤਾ ਦੇ ਨਾਲ ਨਾਲ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ, ਪਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਤਾਂ ਉਹ ਚੁੱਪ ਨਹੀਂ ਬੈਠਣਗੇ ਅਤੇ ਸਰਕਾਰ ਦੇ ਖਿਲਾਫ ਲਗਾਤਾਰ ਸੰਘਰਸ਼ ਕਰਨਗੇ।
EDITED BY- HARLEEN KAUR




