
ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਨੇ ਇਕ ਹੋਰ ਪਰਿਵਾਰ ਦੀ ਦੁਨੀਆ ਉਜਾੜ ਦਿੱਤੀ। ਸਮਰਾਲਾ ਨੇੜਲੇ ਪਿੰਡ ਕੁੱਲ੍ਹੇਵਾਲ (ਗੁੱਗਾ ਮਾੜੀ) ਕੋਲ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਨੇ ਨਾ ਸਿਰਫ਼ ਇੱਕ ਘਰ ਦੀ ਖੁਸ਼ੀ ਖੋਹ ਲਈ, ਸਗੋਂ ਪੂਰੇ ਇਲਾਕੇ ਨੂੰ ਸਹਿਮਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾ ਰਹੇ ਇਕ ਨੌਜਵਾਨ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਭਿਆਨਕ ਤਰੀਕੇ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਪਤੀ ਜ਼ਿੰਦਗੀ ਲਈ ਜੰਗ ਲੜ ਰਿਹਾ ਹੈ।
ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਾਸੀ ਪਿੰਡ ਗਹਿਲੇਵਾਲ ਵਜੋਂ ਹੋਈ ਹੈ, ਜਦਕਿ ਉਸਦਾ ਪਤੀ ਨਿਰਮਲ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ, ਦੋਵੇਂ ਖੰਨਾ ਪਾਸਿਓਂ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਘਰ ਆ ਰਹੇ ਸਨ। ਜਦੋਂ ਉਹ ਕੁੱਲ੍ਹੇਵਾਲ ਗੁੱਗਾ ਮਾੜੀ ਦੇ ਨੇੜੇ ਪਹੁੰਚੇ, ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਅਚਾਨਕ ਗਲਤ ਸਾਈਡ ‘ਤੇ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਕਾਫ਼ੀ ਦੂਰ ਤੱਕ ਘਸੀਟਿਆ ਗਿਆ। ਇਸ ਦੌਰਾਨ ਬਲਵਿੰਦਰ ਕੌਰ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਨਿਰਮਲ ਸਿੰਘ ਨੂੰ ਸਰੀਰ ‘ਤੇ ਡੂੰਘੀਆਂ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁੱਢਲੀ ਸਹਾਇਤਾ ਦੇ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ, ਜਿੱਥੇ ਉਹ ਐਮਰਜੈਂਸੀ ਵਾਰਡ ਵਿੱਚ ਇਲਾਜ ਅਧੀਨ ਹਨ।
ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਗੁੱਸੇ ਵਿੱਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਪਰਿਵਾਰਕ ਮੈਂਬਰ ਕੁਲਵੀਰ ਸਿੰਘ ਅਤੇ ਮੇਜਰ ਸਿੰਘ ਦਾ ਦਾਅਵਾ ਹੈ ਕਿ ਦੋਸ਼ੀ ਨੌਜਵਾਨ ਨੇ ਸਮੈਕ ਪੀਤੀ ਹੋਈ ਸੀ ਅਤੇ ਉਹ ਪੂਰੀ ਤਰ੍ਹਾਂ ਹੋਸ਼ ਵਿੱਚ ਨਹੀਂ ਸੀ। ਲੋਕਾਂ ਵੱਲੋਂ ਕੀਤੀ ਤਲਾਸ਼ੀ ਦੌਰਾਨ ਉਸਦੀ ਜੇਬ ਵਿੱਚੋਂ ਨਸ਼ੀਲਾ ਪਦਾਰਥ ਅਤੇ ਇਕ ਸਰਿੰਜ ਵੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਇਕੱਲਾ ਹੀ ਕਾਰ ਵਿੱਚ ਸਵਾਰ ਸੀ ਅਤੇ ਸਮਰਾਲਾ ਵੱਲ ਜਾ ਰਿਹਾ ਸੀ।
ਇਸ ਹਾਦਸੇ ਨੇ ਇਲਾਕੇ ਵਿੱਚ ਨਸ਼ਿਆਂ ਦੇ ਵਧਦੇ ਪ੍ਰਕੋਪ ‘ਤੇ ਇਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਨੌਜਵਾਨਾਂ ਵਿੱਚ ਵੱਧ ਰਹੀ ਨਸ਼ੇ ਦੀ ਲਤ ਕਾਰਨ ਬੇਗੁਨਾਹ ਲੋਕ ਆਪਣੀ ਜਾਨ ਗੁਆ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਕਾਰ ਕਬਜ਼ੇ ਵਿੱਚ ਕਰ ਲਈ ਹੈ ਅਤੇ ਮ੍ਰਿਤਕਾ ਦੀ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਦਾ ਡੋਪ ਟੈਸਟ ਕਰਵਾਇਆ ਜਾਵੇਗਾ। ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
EDITED BY- HARLEEN KAUR




