
ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੀ ਅਹਿਮ ਮੀਟਿੰਗ ਅੱਜ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ, ਮੀਟਿੰਗ ਵਿੱਚ ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾ, ਗਗਨਜੀਤ ਸਿੰਘ ਬਰਨਾਲਾ ਅਤੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਕਈ ਦਿੱਗਜ ਨੇਤਾ ਮੌਜੂਦ ਰਹੇ। ਗੱਲਬਾਤ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸਰਜੀਤ) ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਕੇਵਲ ਅਕਾਲ ਤਖ਼ਤ ਦੇ ਹੁਕਮਨਾਮੇ ਦੇ ਆਧਾਰ ’ਤੇ ਬਿਨਾਂ ਕਿਸੇ ਸ਼ਰਤ ਦੇ ਸਮਝੌਤਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਮਾਜਿਕ ਜਾਂ ਨਿੱਜੀ ਤੌਰ ‘ਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਹੋ ਜਾਂਦੀ ਹੈ, ਪਰ ਪਾਰਟੀ ਏਕਤਾ ਲਈ ਕਿਸੇ ਵੱਲੋਂ ਕੋਈ ਔਪਚਾਰਿਕ ਸੰਪਰਕ ਨਹੀਂ ਕੀਤਾ ਗਿਆ। ਐਸਜੀਪੀਸੀ ਅਤੇ ਗਿਆਨੀ ਰਘਬੀਰ ਸਿੰਘ ਬਾਰੇ ਹੋ ਰਹੀ ਬਿਆਨਬਾਜ਼ੀ ‘ਤੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਇਲਜ਼ਾਮ ਗਲਤ ਹਨ। ਢੀਂਡਸਾ ਨੇ ਦਾਅਵਾ ਕੀਤਾ ਕਿ ਭਾਵੇਂ ਪਾਰਟੀ ਨਵੀਂ ਹੈ, ਪਰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਜ਼ਬੂਤ ਤੀਜਾ ਵਿਕਲਪ ਜਰੂਰ ਖੜ੍ਹਾ ਕੀਤਾ ਜਾਵੇਗਾ।
EDITED BY- HARLEEN KAUR




