टॉप न्यूज़

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ, ਜਿਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਇਕ ਪਾਸੇ ਸਿੱਖ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਪਰ ਸਿੱਖਾਂ ਨਾਲ ਸਬੰਧਤ ਮਾਮਲਿਆਂ ਵਿਚ ਸਰਕਾਰ ਦੀ ਪਹੁੰਚ ਉਸ ਦੇ ਦੋਹਰੇ ਚਿਹਰੇ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਫੈਸਲੇ ਵਿਚ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਕਰਨ ਦੇ ਆਦੇਸ਼ ਦਿੱਤੇ ਜਾਣ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!