
ਲੁਧਿਆਣਾ ਸ਼ਹਿਰ ਦੇ ਅੰਬੇਦਕਰ ਨਗਰ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲਾਈਵ ਪਰਫੋਰਮੈਂਸ ਗਾਇਕ ਅਮਨ ਸਹੋਤਾ ‘ਤੇ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਹ ਘਟਨਾ ਥਾਣਾ ਮਾਡਲ ਟਾਊਨ ਦੇ ਅਧੀਨ ਆਉਂਦੇ ਇਲਾਕੇ ਵਿੱਚ ਵਾਪਰੀ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਮੁਤਾਬਕ ਹਮਲੇ ਦੌਰਾਨ ਅਮਨ ਸਹੋਤਾ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਹ ਥਾਂ ‘ਤੇ ਹੀ ਡਿੱਗ ਪਿਆ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਦੇ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਲੁਧਿਆਣਾ ਪਹੁੰਚਾਇਆ। ਪਰ ਜਦੋਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ, ਤਾਂ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਹ ਇਸ ਸਮੇਂ ਮੌਤ ਨਾਲ ਜੂਝ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਗਾਇਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਉੱਧਰ, ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਕਾਰਨਾਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
ਫਿਲਹਾਲ ਅਮਨ ਸਹੋਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਸਾਰੇ ਸ਼ਹਿਰ ਦੀਆਂ ਨਜ਼ਰਾਂ ਡੀਐਮਸੀ ਹਸਪਤਾਲ ‘ਤੇ ਟਿਕੀਆਂ ਹੋਈਆਂ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਪੁਲਿਸ ਕਿੰਨੀ ਜਲਦੀ ਦੋਸ਼ੀਆਂ ਤੱਕ ਪਹੁੰਚਦੀ ਹੈ ਅਤੇ ਇਸ ਜਾਨਲੇਵਾ ਹਮਲੇ ਦੇ ਪਿੱਛੇ ਦੀ ਸੱਚਾਈ ਕਦੋਂ ਸਾਹਮਣੇ ਆਉਂਦੀ ਹੈ।
EDITED BY- HARLEEN KAUR




