
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਕਾਰਵਾਈ ਜਾਰੀ ਰੱਖਦਿਆਂ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਫਾਇਰ ਵਿਭਾਗ ਵਿੱਚ ਤਾਇਨਾਤ ਸਬ ਅਫਸਰ ਜਸਵੰਤ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਰੰਗੇ ਹੱਥ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਨਾਲ ਇਲਾਕੇ ਵਿੱਚ ਹਲਚਲ ਮਚ ਗਈ ਹੈ ਅਤੇ ਸਰਕਾਰੀ ਦਫ਼ਤਰਾਂ ਵਿੱਚ ਸਖ਼ਤੀ ਦਾ ਸੰਦੇਸ਼ ਗਿਆ ਹੈ।
ਜਾਣਕਾਰੀ ਅਨੁਸਾਰ ਪੀੜਤ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਨੂੰ ਇੱਕ ਐਨੁਅਲ ਮੇਂਟੇਨੈਂਸ ਕਾਂਟ੍ਰੈਕਟ ਸਬੰਧੀ ਐਨਓਸੀ ਜਾਰੀ ਕਰਵਾਉਣੀ ਸੀ। ਦੋਸ਼ ਹੈ ਕਿ ਇਸ ਦੇ ਬਦਲੇ ਸਬ ਅਫਸਰ ਜਸਵੰਤ ਸਿੰਘ ਨੇ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ 50 ਹਜ਼ਾਰ ਰੁਪਏ ਦੇ ਚੁੱਕਾ ਸੀ, ਪਰ ਬਾਕੀ ਰਕਮ ਲਈ ਉਸਨੂੰ ਲਗਾਤਾਰ ਤੰਗ ਅਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ।
ਆਖਿਰਕਾਰ ਪੀੜਤ ਨੇ ਵਿਜੀਲੈਂਸ ਬਿਊਰੋ ਦਾ ਰੁਖ ਕੀਤਾ। ਸ਼ਿਕਾਇਤ ਦੀ ਪ੍ਰਾਰੰਭਿਕ ਜਾਂਚ ਤੋਂ ਬਾਅਦ ਟੀਮ ਨੇ ਜਾਲ ਬਿਛਾਇਆ ਅਤੇ ਅੱਜ ਦੋਸ਼ੀ ਅਧਿਕਾਰੀ ਨੂੰ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥ ਕਾਬੂ ਕਰ ਲਿਆ। ਸਰੋਤਾਂ ਮੁਤਾਬਕ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਗਈ ਅਤੇ ਸਾਰੇ ਸਬੂਤ ਇਕੱਠੇ ਕੀਤੇ ਗਏ ਹਨ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਲੋਕਾਂ ਦੀ ਭੂਮਿਕਾ ਵੀ ਖੰਗਾਲੀ ਜਾਵੇਗੀ। ਗ੍ਰਿਫ਼ਤਾਰ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਹੇਠ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
EDITED BY- HARLEEN KAUR




