
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ (6 ਮਾਰਚ) ਸ਼ੁਰੂ ਹੋਇਆ ਹੈ। ਪੰਜਾਬ ਬਜਟ ਇਜਲਾਸ ਦੀ ਕਾਰਵਾਈ ਗਵਰਨਰ ਗੁਲਾਬ ਚੰਦ ਕਟਾਰੀਆਂ ਦੇ ਭਾਸ਼ਣ ਨਾਲ ਸ਼ੁਰੂ ਹੋਈ। ਉਨ੍ਹਾਂ ਨੇ ਪ੍ਰਕਿਰਿਆ ਤਹਿਤ ਸਰਕਾਰ ਦੇ ਕੰਮ-ਕਾਜ ਦੇ ਵੇਰਵੇ ਦਿੱਤੇ। ਇਸ ਦੌਰਾਨ ਕਾਂਗਰਸ ਨੇ ਹੰਗਾਮਾ ਕੀਤਾ ਤੇ ਵਾਕਆਊਟ ਕਰ ਦਿੱਤਾ। ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਐਤਵਾਰ,8 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਵਿੱਚ ‘ਆਪ’ ਸਰਕਾਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ। ਹਾਲਾਂਕਿ, ਔਰਤਾਂ ਨੂੰ ਇਹ ਰਕਮ ਦੇਣ ਦਾ ਕੰਮ 18 ਮਾਰਚ ਤੋਂ ਸ਼ੁਰੂ ਹੋਵੇਗਾ।
ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿਖੇ ‘ਆਪ’ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਵੈਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ ਹੈ। ਜਦੋਂ ਕਾਂਗਰਸੀ ਵਰਕਰ ਵਿਧਾਨ ਸਭਾ ਵੱਲ ਵਧੇ ਪਰ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਇਸ ਤੋਂ ਬਾਅਦ ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਸਟੇਸ਼ਨ 11 ਲਿਜਾਇਆ ਗਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ ਬੈਂਡ ਵਾਜਿਆਂ ਦੇ ਨਾਲ ਵਿਧਾਨ ਸਭਾ ‘ਚ ਪਹੁੰਚੇ ਸਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੋਰ ਆਗੂਆਂ ਨੇ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਪੰਜਾਬ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਭਜਨ ਸਿੰਘ ਈਟੀਓ ਖਿਲਾਫ਼ ਇੱਕ ਬਿਆਨ ਦਿੱਤਾ ਸੀ, ਜਿਸ ਦਾ ਵਿਰੋਧ ‘ਆਪ’ ਵੱਲੋਂ ਕੀਤਾ ਜਾ ਰਿਹਾ ਹੈ।
EDITED BY- HARLEEN KAUR




