टॉप न्यूज़

ਗੁਰੂ ਸਾਹਿਬ ਦੇ ਨਾਮ ‘ਤੇ ਪੰਜਾਬ ‘ਚ ਰੱਖਿਆ ਜਾ ਰਿਹਾ ਇਸ ਸੜਕ ਦਾ ਨਾਮ

ਪੰਜਾਬ ਸਰਕਾਰ ਵੱਲੋਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀ ਮਹਾਨ ਵਿਰਾਸਤ ਨੂੰ ਸਤਿਕਾਰ ਦੇਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਨਾ ਸਿਰਫ਼ ਗੁਰੂ ਸਾਹਿਬਾਨ ਦੀ ਮਹਾਨ ਸ਼ਹਾਦਤ ਨੂੰ ਸਤਿਕਾਰ ਮਿਲੇਗਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਉਨ੍ਹਾਂ ਦੀ ਕੁਰਬਾਨੀ ਬਾਰੇ ਜਾਣਨ ਦਾ ਮੌਕਾ ਮਿਲੇਗਾ।
ਇਸ ਸੰਬੰਧੀ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਕੀਤਾ। ਉਨ੍ਹਾਂ ਇਹ ਜਾਣਕਾਰੀ ਵਿਧਾਇਕ ਗੁਰਲਾਲ ਸਿੰਘ ਘਨੌਰ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਥਿਤ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਨ੍ਹਾਂ ਨੂੰ ਯੋਗ ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਨਾਂ ਬਦਲਣ ਲਈ ਲੋੜੀਂਦੀਆਂ ਪ੍ਰਬੰਧਕੀ ਕਾਰਵਾਈਆਂ ਜਾਰੀ ਹਨ ਅਤੇ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਵੇਂ ਹੀ ਸਬੰਧਤ ਗ੍ਰਾਮ ਪੰਚਾਇਤਾਂ ਵੱਲੋਂ ਰਸਮੀ ਮਤੇ ਪ੍ਰਾਪਤ ਹੋ ਜਾਣਗੇ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਅਧਿਕਾਰਤ ਸਿਫਾਰਿਸ਼ ਮਿਲੇਗੀ, ਉਸ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਮਨੁੱਖਤਾ ਦੀ ਭਲਾਈ ਅਤੇ ਧਰਮ ਦੀ ਰਾਖੀ ਲਈ ਦਿੱਤੀ ਗਈ ਸੀ। ਇਹ ਕੁਰਬਾਨੀ ਅੱਜ ਵੀ ਦੁਨੀਆ ਭਰ ਦੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸੱਚ ਅਤੇ ਇਨਸਾਫ਼ ਦੇ ਰਾਹ ‘ਤੇ ਚਲਣ ਲਈ ਪ੍ਰੇਰਿਤ ਕਰਦੀ ਰਹੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!