ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ‘ਚ ਨਵਾਂ ਮੌੜ
ਇਲਾਜ 'ਚ ਵਰਤੀ ਗਈ ਲਾਪਰਵਾਹੀ, ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ

ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟ ਹਸਪਤਾਲ ਦੇ 4 ਸੀਨੀਅਰ ਡਾਕਟਰਾਂ ਵਿਰੁੱਧ ਐਫ.ਆਈ.ਆਰ. (FIR) ਦਰਜ ਕੀਤੀ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਸਰਜੀਕਲ ਪ੍ਰਕਿਰਿਆ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਦੀ ਪੁਸ਼ਟੀ ਹੋਈ।
ਦੱਸ ਦੇਈਏ ਕਿ ਵਰਿੰਦਰ ਘੁੰਮਣ ਦਾ ਦੇਹਾਂਤ 9 ਅਕਤੂਬਰ, 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਕੀਤੀ ਗਈ ਇੱਕ ਸਰਜਰੀ ਦੌਰਾਨ ਹੋ ਗਿਆ ਸੀ। ਮੌਤ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਹਸਪਤਾਲ ਪ੍ਰਬੰਧਨ ‘ਤੇ ਇਲਾਜ ਵਿੱਚ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਸੀ।
ਐਸ.ਆਈ.ਟੀ. ਨੇ ਪਿਛਲੇ ਮਹੀਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਕਿਹਾ ਗਿਆ ਕਿ ਵਰਿੰਦਰ ਘੁੰਮਣ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ। ਇਸ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNS) ਦੀ ਧਾਰਾ 106(1) ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
EDITED BY- HARLEEN KAUR




