ਤਰਨਤਾਰਨ ‘ਚ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ ‘ਤੇ ਚਲਾਈਆਂ ਗੋਲੀਆਂ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਮਰਕੋਟ ‘ਚ ਅੱਜ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 11 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ‘ਜੱਜ ਮੈਡੀਕਲ ਸਟੋਰ’ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਗੋਲੀਬਾਰੀ ‘ਚ ਡਾ. ਜੱਜਪਾਲ ਦੇ ਬੇਟੇ ਸੁਨੀਲ ਅਰੋੜਾ ਨੂੰ ਗੋਲੀਆਂ ਲੱਗੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਕਸਬਾ ਅਮਰਕੋਟ ਵਿਖੇ ਜੱਜ ਮੈਡੀਕਲ ਸਟੋਰ ਦੇ ਮਾਲਕ ਸੁਨੀਲ ਅਰੋੜਾ ਪੁੱਤਰ ਜੱਜਪਾਲ ਅਰੋੜਾ ਨਿਵਾਸੀ ਅਮਰਕੋਟ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੀ ਦੁਕਾਨ ਖੋਲ ਕੇ ਕੰਮਕਾਜ ਕਰ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ ਦੁਕਾਨ ‘ਤੇ ਲਗਭਗ ਚਾਰ ਗੋਲੀਆਂ ਚਲਾਈਆਂ।
ਗੋਲੀਆਂ ਲੱਗਣ ਕਾਰਨ ਸੁਨੀਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਭਿਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਇਲਾਕੇ ਵਿਚ ਅਲਰਟ ਜਾਰੀ ਕਰ ਦਿੱਤਾ ਹੈ।
ਫਿਰੌਤੀ ਨਾ ਦੇਣ ਦੇ ਚੱਲਦਿਆਂ ਹਮਲਾਵਰ ਇਸ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ। ਜਿਸ ਦੇ ਪਿੱਛੇ ਗੈਂਗਸਟਰ ਪ੍ਰਭ ਦਾਸੂਵਾਲ ਦਾ ਨਾਮ ਦੱਸਿਆ ਜਾ ਰਿਹਾ ਹੈ। ਪਤਾ ਲੱਗਿਆ ਹੈ ਕਿ ਇਸ ਪਰਿਵਾਰ ਨੂੰ ਪਿਛਲੇ ਕਈ ਮਹੀਨਿਆਂ ਤੋਂ ਫਿਰੌਤੀ ਲਈ ਧਮਕੀਆਂ ਭਰੀਆਂ ਕਾਲਾਂ ਆ ਰਹੀਆਂ ਸਨ। ਜਿਸ ਤੋਂ ਬਾਅਦ ਅੱਜ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਸ ਵਾਰਦਾਤ ਤੋਂ ਬਾਅਦ ਅਮਰਕੋਟ ਅੱਡੇ ਅਤੇ ਆਲੇ-ਦੁਆਲੇ ਦੇ ਬਾਜ਼ਾਰਾਂ ਵਿੱਚ ਸਹਿਮ ਦਾ ਮਾਹੌਲ ਹੈ। ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਵਿੱਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਫਿਰੌਤੀ ਦੀਆਂ ਕਾਲਾਂ ਬਾਰੇ ਪਹਿਲਾਂ ਹੀ ਸੂਚਨਾ ਸੀ ਤਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ।
EDITED BY- HARLEEN KAUR



