टॉप न्यूज़

ਵਿਧਾਨਸਭਾ ‘ਚ CM ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨਸਭਾ ਵਿੱਚ ਬੋਲਦਿਆਂ ਕਿਹਾ ਕਿ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇ ਐਲਾਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਜਤਾਈ ਜਾ ਰਹੀ ਨਾਰਾਜ਼ਗੀ ਦਰਅਸਲ ਸਾਲ 2027 ਵਿੱਚ ਆਮ ਆਦਮੀ ਪਾਰਟੀ ਦੀ ਸੰਭਾਵਿਤ ਵਾਪਸੀ ਦੇ ਡਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਦੀ ਭਲਾਈ ਲਈ ਕੋਈ ਕਦਮ ਚੁੱਕਿਆ ਜਾਂਦਾ ਹੈ ਤਾਂ ਰਵਾਇਤੀ ਪਾਰਟੀਆਂ ਉਸ ਦਾ ਵਿਰੋਧ ਕਰਦੀਆਂ ਹਨ, ਪਰ ਆਮ ਆਦਮੀ ਪਾਰਟੀ ਆਪਣੀਆਂ ਗਰੰਟੀਆਂ ਪੂਰੀ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੀਆਂ ਜ਼ਿਆਦਾਤਰ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਿਹਤ ਯੋਜਨਾ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਵਰਗੀਆਂ ਕਈ ਪਹਿਲਕਦਮੀਆਂ ਦਾ ਜ਼ਿਕਰ ਕੀਤਾ।
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਸੂਬੇ ਵਿੱਚ ਖ਼ਾਸ ਕਰਕੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਮਿਲਣਗੇ ਜਦਕਿ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਲਈ ਇਹ ਰਕਮ ਬਹੁਤ ਮਹੱਤਵਪੂਰਨ ਹੈ ਅਤੇ ਇਹ ਸਰਕਾਰ ਵੱਲੋਂ ਮਾਵਾਂ-ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
ਸੂਬੇ ਵਿੱਚ ਪੌਸ਼ਟਿਕ ਖੁਰਾਕ ਯਕੀਨੀ ਬਣਾਉਣ ਲਈ ‘ਮੇਰੀ ਰਸੋਈ’ ਸਕੀਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਰਸਦ ਵਿੱਚ ਖੰਡ, ਦਾਲ, ਸਰੋਂ ਦਾ ਤੇਲ ਅਤੇ ਲੂਣ ਦਿੱਤਾ ਜਾਵੇਗਾ। ਇਸ ਯੋਜਨਾ ਲਈ ਸਰਕਾਰ ਵੱਲੋਂ 1000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਸਿਹਤ ਖੇਤਰ ਵਿੱਚ ਹੋ ਰਹੇ ਬਦਲਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ 881 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 5 ਕਰੋੜ ਤੋਂ ਵੱਧ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸੁਵਿਧਾ ਮਿਲੇਗੀ ਅਤੇ ਇਸ ਯੋਜਨਾ ਲਈ 900 ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ।
ਸਿੱਖਿਆ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ 13,765 ਅਧਿਆਪਕਾਂ ਦੀ ਭਰਤੀ ਹੋ ਚੁੱਕੀ ਹੈ ਅਤੇ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ ਦੀ ਸ਼ੁਰੂਆਤ ਨਾਲ ਖੇਤੀਬਾੜੀ ਵਿੱਚ ਵੱਡਾ ਬਦਲਾਵ ਆਇਆ ਹੈ ਅਤੇ ਗੰਨੇ ਦਾ ਭਾਅ ਵੀ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਲਵਾ ਨਹਿਰ ਦੇ ਨਿਰਮਾਣ ਅਤੇ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦਾ ਕੰਮ ਵੀ ਕੀਤਾ ਗਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!