ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏਗਾ ਇਹ ਸੀਨੀਅਰ ਆਗੂ
ਕੁਝ ਦਿਨ ਪਹਿਲਾਂ ਇਸ ਪਾਰਟੀ ਤੋਂ ਦਿੱਤਾ ਸੀ ਅਸਤੀਫ਼ਾ

ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਸਵੇਰੇ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ਉਤੇ ਘਰ ਵਾਪਸੀ ਕਰਨਗੇ।
ਦੱਸ ਦਈਏ ਕਿ ਮੱਖਣ ਬਰਾੜ ਨੇ ਤਿੰਨ ਦਿਨ ਪਹਿਲਾਂ ਹੀ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਪਾਰਟੀ ਉੱਪਰ ਕਈ ਦੋਸ਼ ਵੀ ਲਗਾਏ। ਉਨ੍ਹਾਂ ਕੁਝ ਦਿਨ ਪਹਿਲਾਂ ਅਸਤੀਫਾ ਦਿੰਦੇ ਹੋਏ ਕਿਹਾ ਸੀ ਕਿ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦਾ ਸਹਾਰਾ ਲੈ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ। ਉਨ੍ਹਾਂ ਮੁਤਾਬਕ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਇਸ ਨਵੇਂ ਦਲ ਦੀ ਰਚਨਾ ਕੀਤੀ ਗਈ ਸੀ, ਜਿਸਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਵੱਡੇ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਇਸ ਸਾਜ਼ਿਸ਼ ਵਿਚ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਵੀ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਪੰਥਕ ਰਾਜਨੀਤੀ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ। ਬਰਾੜ ਨੇ ਖਾਸ ਤੌਰ ‘ਤੇ ਮਨਪ੍ਰੀਤ ਸਿੰਘ ਇਆਲੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਦਲ ਵਿਚ ਲਿਆਉਣ ਵਿਚ ਭੂਮਿਕਾ ਨਿਭਾਈ ਪਰ ਪੰਥ ਅਤੇ ਪੰਜਾਬ ਦੇ ਮੁੱਦਿਆਂ ‘ਤੇ ਉਹ ਅਕਸਰ ਚੁੱਪ ਰਹਿੰਦੇ ਹਨ।
ਉਨ੍ਹਾਂ ਇਹ ਵੀ ਕਿਹਾ ਸੀ ਕਿ ਇਆਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹੀ ਬੋਲਦੇ ਹਨ, ਜਦਕਿ ਸਰਕਾਰਾਂ ਦੇ ਖ਼ਿਲਾਫ਼ ਕੁਝ ਨਹੀਂ ਕਹਿੰਦੇ। ਉਨ੍ਹਾਂ ਮੁਤਾਬਕ, ਇਸਦੇ ਪਿੱਛੇ ਉਨ੍ਹਾਂ ਦੇ ਨਿੱਜੀ ਅਤੇ ਵਪਾਰਕ ਹਿੱਤ ਹੋ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ‘ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਅੰਤ ਵਿਚ ਬਰਾੜ ਨੇ ਕਿਹਾ ਸੀ ਕਿ ਉਹ ਕਾਫ਼ੀ ਸਮੇਂ ਤੋਂ ਇਹ ਸਭ ਕੁਝ ਦੇਖ ਰਹੇ ਸਨ ਪਰ ਹੁਣ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਚੁੱਪ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪੰਥ ਦੀ ਕਚਹਿਰੀ ਵਿਚ ਸਾਰੀ ਸੱਚਾਈ ਸਾਹਮਣੇ ਲਿਆਉਣਗੇ।
EDITED BY- HARLEEN KAUR



