टॉप न्यूज़
ਰਾਜਪਾਲ ਕਟਾਰੀਆ ਦੇ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼
ਪਠਾਨਕੋਟ ਜ਼ਿਲ੍ਹੇ ਵਿੱਚ ਆਉਣ ਵਾਲੇ 16, 17 ਅਤੇ 18 ਅਪ੍ਰੈਲ ਨੂੰ ਮਾਹੌਲ ਖਾਸ ਰਹਿਣ ਵਾਲਾ ਹੈ, ਕਿਉਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਿੰਨ ਦਿਨਾਂ ਦੇ ਵਿਸ਼ੇਸ਼ ਦੌਰੇ ‘ਤੇ ਇੱਥੇ ਪਹੁੰਚ ਰਹੇ ਹਨ। ਇਸ ਮਹੱਤਵਪੂਰਨ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੇ ਹਾਜ਼ਰੀ ਭਰੀ। ਮੀਟਿੰਗ ਵਿੱਚ ਐਸਐਸਪੀ ਦਲਜਿੰਦਰ ਸਿੰਘ ਢਿੱਲੋ, ਐਸਡੀਐਮ ਅਰਸ਼ਦੀਪ ਸਿੰਘ, ਤਹਿਸੀਲਦਾਰ ਪਰਮਪ੍ਰੀਤ ਸਿੰਘ ਗੋਰਾਇਆ, ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ ਅਤੇ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਅਪ੍ਰੈਲ ਨੂੰ ਰਾਜਪਾਲ ਵੱਲੋਂ ਮਹਾਰਾਣਾ ਪ੍ਰਤਾਪ ਸਕੂਲ ਮੰਗਿਆਲ ਮਨਵਾਲ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੀਡੀਸੀ ਮੈਂਬਰਾਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਬਾਅਦ 17 ਅਪ੍ਰੈਲ ਨੂੰ ਨਸ਼ੇ ਦੇ ਖਿਲਾਫ ਜਾਗਰੂਕਤਾ ਫੈਲਾਉਣ ਲਈ ਇੱਕ ਵੱਡੀ ਪੈਦਲ ਪਦ ਯਾਤਰਾ ਕੱਢੀ ਜਾਵੇਗੀ, ਜੋ ਮਾਡਰਨ ਸੰਦੀਪਨੀ ਸਕੂਲ ਤੋਂ ਏਵੀ ਕਾਲਜ ਪਠਾਨਕੋਟ ਤੱਕ ਹੋਵੇਗੀ। ਇਹ ਯਾਤਰਾ ਨੌਜਵਾਨਾਂ ਵਿੱਚ ਨਸ਼ੇ ਦੇ ਖਿਲਾਫ ਸੰਦੇਸ਼ ਪਹੁੰਚਾਉਣ ਲਈ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
18 ਅਪ੍ਰੈਲ ਨੂੰ ਰਾਜਪਾਲ ਵੱਲੋਂ ਸਾਂਈ ਕਾਲਜ ਬੰਧਾਣੀ ਵਿਖੇ ਸਰਹੱਦੀ ਖੇਤਰਾਂ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਖਾਸ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਿੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
EDITED BY- HARLEEN KAUR




