MP Amritpal Singh ਖਿਲਾਫ਼ ਹਾਈਕੋਰਟ ਪੁੱਜੀ ਪੰਜਾਬ ਸਰਕਾਰ
NSA ਖਤਮ ਹੋਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ 'ਚ ਰੱਖਣ ਦੀ ਮੰਗ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਇਸ ਮਹੀਨੇ ਖਤਮ ਹੋਣ ਵਾਲਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੀ ਹੈ। ਸਰਕਾਰ ਨੇ ਇੱਕ ਪਟੀਸ਼ਨ ਦਾਇਰ ਕੀਤੀ ਹੈ ,ਜਿਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ NSA ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇ।
ਸਰਕਾਰ ਦੇ ਵਕੀਲ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ NSA ਅਧੀਨ ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਖੁਫੀਆ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਰਾਜ ਸਰਕਾਰ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਉਹ ਉਸਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੀ। ਜੇਕਰ ਇਸ ਤੋਂ ਬਾਅਦ ਉਸਨੂੰ ਪੰਜਾਬ ਵਾਪਸ ਲਿਆਂਦਾ ਜਾਂਦਾ ਹੈ ਤਾਂ ਰਾਜ ਵਿੱਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਸਰਕਾਰ ਚਾਹੁੰਦੀ ਹੈ ਕਿ ਉਸਨੂੰ ਅਸਾਮ ਵਿੱਚ ਹੀ ਹਿਰਾਸਤ ‘ਚ ਰੱਖਿਆ ਜਾਵੇ ਅਤੇ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਪੰਜਾਬ ਸਰਕਾਰ ਪਹਿਲਾਂ ਵੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸੇ ਤਰ੍ਹਾਂ ਦਾ ਪੱਤਰ ਲਿਖ ਚੁੱਕੀ ਹੈ।
ਸੂਤਰਾਂ ਅਨੁਸਾਰ ਰਾਜ ਸਰਕਾਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਬੇਨਤੀ ਕੀਤੀ ਹੈ ਕਿ ਅਸਾਮ ਸਰਕਾਰ ਦੀ ਸਹਿਮਤੀ ਨਾਲ ਕੈਦੀਆਂ ਦੇ ਤਬਾਦਲੇ ਐਕਟ, 1952 ਅਤੇ ਪੰਜਾਬ ਸੋਧ ਐਕਟ, 2025 ਦੇ ਉਪਬੰਧਾਂ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮਾਮਲੇ ‘ਤੇ ਜਲਦੀ ਫੈਸਲਾ ਲੈਣ ਲਈ ਵੀ ਅਪੀਲ ਕੀਤੀ ਗਈ ਹੈ।
EDITED BY- HARLEEN KAUR




