टॉप न्यूज़
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੀ ਸਿਆਸਤ ਅਤੇ ਸਿੱਖ ਜਗਤ ਨਾਲ ਜੁੜੇ ਇੱਕ ਇਤਿਹਾਸਕ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਇਸ ਕਾਨੂੰਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਲਈ ਵੱਡਾ ਸੁਭਾਗ ਹੈ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਮਿਲੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਜ਼ਬੂਤ ਢਾਲ ਵਜੋਂ ਕੰਮ ਕਰੇਗਾ ਅਤੇ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਉਨ੍ਹਾਂ ਦੀ ਮਾਣ-ਮਰਿਆਦਾ ਦੀ ਰਾਖੀ ਕਰਨਾ ਸਮੂਹ ਸੰਗਤ ਦਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨ ਤਹਿਤ ਜੇਕਰ ਕੋਈ ਵਿਅਕਤੀ ਬੇਅਦਬੀ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਬਹੁਤ ਸੋਚ-ਵਿਚਾਰ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਇਸ ਵਿੱਚ ਕੋਈ ਕਮੀ ਨਾ ਰਹਿ ਜਾਵੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਿਰਫ਼ ਇਕੱਲੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਖ਼ਰਾਬ ਕਰਨ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਵੱਲੋਂ ਬਣਾਇਆ ਗਿਆ ਇਹ ਕਾਨੂੰਨ ਅਜਿਹੀਆਂ ਸਾਜ਼ਿਸ਼ਾਂ ਨੂੰ ਰੋਕਣ ਲਈ ਮਜ਼ਬੂਤ ਹਥਿਆਰ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਕਾਨੂੰਨ ਦਾ ਦੁਨੀਆ ਭਰ ਦੀ ਸਿੱਖ ਸੰਗਤ ਅਤੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਇਹ ਕਾਨੂੰਨ ਸਰਬਸੰਮਤੀ ਨਾਲ ਪਾਸ ਹੋਇਆ, ਜੋ ਇਸ ਗੱਲ ਦਾ ਸਬੂਤ ਹੈ ਕਿ ਸਾਰੇ ਵਰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਇਕੱਠੇ ਹਨ। ਹਾਲਾਂਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਕੁਝ ਆਗੂਆਂ ਵੱਲੋਂ ਕੀਤੇ ਜਾ ਰਹੇ ਵਿਰੋਧ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਲੋਕ ਸਭ ਕੁਝ ਸਮਝ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਆਪਣੀ ਚਾਰ ਰੋਜ਼ਾ “ਸ਼ੁਕਰਾਨਾ ਯਾਤਰਾ” ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਈ ਹੈ ਅਤੇ 9 ਮਈ ਤੱਕ ਜਾਰੀ ਰਹੇਗੀ। ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਸਮੇਤ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਸਿਰਫ਼ ਪਰਮਾਤਮਾ ਦਾ ਧੰਨਵਾਦ ਕਰਨਾ ਹੈ, ਜਿਨ੍ਹਾਂ ਨੇ ਪੰਜਾਬ ਅਤੇ ਮਨੁੱਖਤਾ ਦੀ ਸੇਵਾ ਲਈ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚ ਰਹੀ ਸੰਗਤ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਦਾ ਪਿਆਰ ਇਸ ਗੱਲ ਦਾ ਸੰਕੇਤ ਹੈ ਕਿ ਸੰਗਤ ਇਸ ਕਾਨੂੰਨ ਨੂੰ ਇਤਿਹਾਸਕ ਕਦਮ ਵਜੋਂ ਵੇਖ ਰਹੀ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਾਨੂੰਨ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਅਤੇ ਧਾਰਮਿਕ ਮਾਹੌਲ ਦੋਵਾਂ ‘ਤੇ ਵੱਡਾ ਪ੍ਰਭਾਵ ਪਾ ਸਕਦਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਸਰਕਾਰ ਇਸ ਕਾਨੂੰਨ ਨੂੰ ਜ਼ਮੀਨੀ ਪੱਧਰ ‘ਤੇ ਕਿਵੇਂ ਲਾਗੂ ਕਰਦੀ ਹੈ ਅਤੇ ਕੀ ਇਹ ਵਾਕਈ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਾਮਯਾਬ ਹੋਵੇਗਾ।
EDITED BY- HARLEEN KAUR




