टॉप न्यूज़
ਚੈੱਕ ਬਾਉਂਸ ਤੋਂ ਪਰਿਵਾਰਿਕ ਝਗੜਿਆਂ ਤੱਕ ਕੇਸਾਂ ਦਾ ਹੋਵੇਗਾ ਤੁਰੰਤ ਨਿਪਟਾਰਾ
9 ਮਈ ਨੂੰ ਲੱਗੇਗੀ ਖਾਸ ਅਦਾਲਤ

ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਤੋਂ ਪਰੇਸ਼ਾਨ ਲੋਕਾਂ ਲਈ ਇੱਕ ਵੱਡੀ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਬਟਾਲਾ ਵਿਖੇ 9 ਮਈ 2026 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਰਾਹੀਂ ਕਈ ਕਿਸਮਾਂ ਦੇ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਤੁਰੰਤ ਨਿਪਟਾਰਾ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਮਾਂ ਅਤੇ ਪੈਸਾ ਦੋਵੇਂ ਬਚਾਉਣ ਦਾ ਮੌਕਾ ਮਿਲੇਗਾ।
ਇਹ ਨੈਸ਼ਨਲ ਲੋਕ ਅਦਾਲਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀਆਂ ਹਦਾਇਤਾਂ ਅਨੁਸਾਰ ਲਗਾਈ ਜਾ ਰਹੀ ਹੈ। ਲੋਕ ਅਦਾਲਤ ਦਾ ਮੁੱਖ ਉਦੇਸ਼ ਅਦਾਲਤੀ ਵਿਵਾਦਾਂ ਨੂੰ ਲੰਬੇ ਸਮੇਂ ਤੱਕ ਖਿੱਚਣ ਦੀ ਬਜਾਏ ਦੋਵੇਂ ਧਿਰਾਂ ਦੀ ਰਜ਼ਾਮੰਦੀ ਨਾਲ ਸੁਲਝਾਉਣਾ ਹੈ।
ਜਾਣਕਾਰੀ ਮੁਤਾਬਕ ਇਸ ਲੋਕ ਅਦਾਲਤ ਵਿੱਚ ਫੌਜਦਾਰੀ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ ਕੇਸ, ਐਕਸੀਡੈਂਟ ਕਲੇਮ, ਪਰਿਵਾਰਿਕ ਝਗੜੇ ਅਤੇ ਹੋਰ ਕਈ ਪ੍ਰਕਾਰ ਦੇ ਕੇਸ ਸੁਣਵਾਈ ਲਈ ਲਗਾਏ ਜਾਣਗੇ। ਇਸ ਦੇ ਨਾਲ ਹੀ ਪ੍ਰੀ-ਲੀਟੀਗੇਟਿਵ ਕੇਸਾਂ ਵਿੱਚ ਵੀ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਇਨ੍ਹਾਂ ਵਿੱਚ ਬੈਂਕਾਂ ਦੀ ਰਿਕਵਰੀ, ਜਲ ਸਪਲਾਈ ਅਤੇ ਲੇਬਰ ਨਾਲ ਜੁੜੇ ਮਾਮਲੇ ਵੀ ਸ਼ਾਮਲ ਹਨ।
ਕਾਨੂੰਨੀ ਮਾਹਿਰਾਂ ਮੁਤਾਬਕ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤੇ ਜਾਂਦੇ ਹਨ, ਜਿਸ ਕਾਰਨ ਇਹ ਵਿਵਾਦ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ। ਖਾਸ ਗੱਲ ਇਹ ਹੈ ਕਿ ਲੋਕ ਅਦਾਲਤ ਵਿੱਚ ਹੋਏ ਫੈਸਲੇ ਖ਼ਿਲਾਫ਼ ਅੱਗੇ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ, ਕਿਉਂਕਿ ਇਹ ਫੈਸਲੇ ਦੋਵੇਂ ਪੱਖਾਂ ਦੀ ਮਰਜ਼ੀ ਨਾਲ ਹੁੰਦੇ ਹਨ।
ਇਸ ਤੋਂ ਇਲਾਵਾ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਭਰੀ ਗਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ। ਇਸ ਕਾਰਨ ਕਈ ਲੋਕ ਆਪਣੇ ਪੁਰਾਣੇ ਮਾਮਲੇ ਜਲਦੀ ਸੁਲਝਾਉਣ ਲਈ ਲੋਕ ਅਦਾਲਤਾਂ ਦਾ ਰੁਖ ਕਰਦੇ ਹਨ।




