टॉप न्यूज़

ਪੰਜਾਬ ਵਿੱਚ ਸਿਵਲ-ਮਿਲਟਰੀ ਸਹਿਯੋਗ ਮਜ਼ਬੂਤ ਕਰਨ ਦਾ ਵੱਡਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਸਿਵਲ-ਮਿਲਟਰੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਅਤੇ ਫੌਜ ਕਮਾਂਡਰ ਨੇ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਉਣ ਲਈ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਚੰਡੀਗੜ੍ਹ ਵਿੱਚ ਹੋਈ ਇਹ ਮੁਲਾਕਾਤ ਦੋਵਾਂ ਧਿਰਾਂ ਵੱਲੋਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਹਿਯੋਗ ਵਧਾਉਣ ਲਈ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ। ਇਸ ਲਈ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਜਰੂਰੀ ਹੈ।”
ਮੀਟਿੰਗ ਦੌਰਾਨ ਦੋਵੇਂ ਧਿਰਾਂ ਨੇ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ, ਉੱਭਰ ਰਹੀਆਂ ਸੁਰੱਖਿਆ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਜਵਾਬ ਦੇਣ ਅਤੇ ਤਾਲਮੇਲ ਵਾਲੇ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਸਹਿਮਤੀ ਦਰਸਾਈ। ਇਸ ਮੀਟਿੰਗ ਵਿੱਚ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਨੂੰ ਸੰਭਾਲਣ ਲਈ ਪੁਖ਼ਤਾ ਰਣਨੀਤੀਆਂ ਬਣਾਉਣ ਦੀ ਵੀ ਚਰਚਾ ਕੀਤੀ ਗਈ।
ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਦੇ ਸਹਿਯੋਗ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੇਵਾ ਨਿਭਾ ਰਹੇ ਫੌਜੀ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਭਲਾਈ ਦੇ ਕਦਮਾਂ ਨੂੰ ਅੱਗੇ ਵਧਾਇਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ ਅਤੇ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਸਲਾਹਕਾਰ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਫੌਜ ਦੇ ਵਿਚਕਾਰ ਮਜ਼ਬੂਤ ਤਾਲਮੇਲ ਨਾਲ ਨਾ ਸਿਰਫ ਸਰਹੱਦੀ ਸੁਰੱਖਿਆ ਸੁਨਿਸ਼ਚਿਤ ਹੋਵੇਗੀ, ਸਗੋਂ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਵੀ ਯਕੀਨੀ ਬਣਾਈ ਜਾ ਸਕੇਗੀ। ਇਸ ਮੁਲਾਕਾਤ ਨਾਲ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਨ ਅਤੇ ਰਾਹਤ ਕਾਰਜਾਂ ਲਈ ਨਵੀਂ ਦਿਸ਼ਾ ਅਤੇ ਉਮੀਦਾਂ ਜਨਮ ਲੈਣਗੀਆਂ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!