
ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਦੋਵਾਂ ਥਾਵਾਂ ‘ਤੇ ਗਰਮੀ ਦੀ ਲਹਿਰ ਲਈ ਔਰੇਂਜ ਅਲਰਟ ਹੈ। ਇਹ ਚੇਤਾਵਨੀ 26 ਮਈ ਤੱਕ ਹੈ।
ਚੰਡੀਗੜ੍ਹ ਵਿੱਚ ਗਰਮੀ ਨੂੰ ਦੇਖਦੇ ਹੋਏ, 23 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ, ਸਿਹਤ ਵਿਭਾਗ ਨੇ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਸੂਰਜ ਤੋਂ ਆਪਣੇ ਆਪ ਨੂੰ ਬਚਾਉਣ ਲਈ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਧੁੱਪ ਵਿੱਚ ਬਾਹਰ ਨਾ ਜਾਣ ਅਤੇ ਧੁੱਪ ਵਿੱਚ ਕੋਈ ਸਰੀਰਕ ਕੰਮ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਸਮੇਂ ਦੌਰਾਨ, ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ।
ਪੰਜਾਬ ਵਿੱਚ ਵੀ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਅਨੁਸਾਰ, ਪੰਜਾਬ ਦੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ 25 ਮਈ, 2026 ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ। ਮੰਨਿਆ ਜਾ ਰਿਹਾ ਹੈ ਕਿ ਛੁੱਟੀਆਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।
ਹਰਿਆਣਾ ਵਿੱਚ ਵੱਧਦੀ ਗਰਮੀ ਅਤੇ ਤੇਜ਼ ਧੁੱਪ ਦੇ ਮੱਦੇਨਜ਼ਰ, 25 ਮਈ ਤੋਂ ਸਕੂਲ ਬੰਦ ਰਹਿਣਗੇ। 24 ਮਈ ਐਤਵਾਰ ਹੈ, ਭਾਵ ਬੱਚਿਆਂ ਨੂੰ ਹੁਣ ਸ਼ਨੀਵਾਰ, 23 ਮਈ ਤੱਕ ਸਕੂਲ ਜਾਣਾ ਪਵੇਗਾ। ਪਹਿਲਾਂ, ਇਹ ਛੁੱਟੀਆਂ 1 ਜੂਨ ਤੋਂ ਸ਼ੁਰੂ ਹੋਣੀਆਂ ਸਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਅਧਿਕਾਰੀਆਂ ਵਿਚਕਾਰ ਬੁੱਧਵਾਰ ਨੂੰ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਛੇ ਦਿਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸੈਣੀ ਨੇ ਖੁਦ ਮੀਟਿੰਗ ਤੋਂ ਬਾਅਦ ਇਸਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਸਮੀਖਿਆ ਤੇਜ਼ ਗਰਮੀ ਕਾਰਨ ਕੀਤੀ ਹੈ।
ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ 11 ਮਈ ਤੋਂ ਬੰਦ ਕਰ ਦਿੱਤਾ ਗਿਆ। ਰਾਜਧਾਨੀ ਵਿੱਚ ਸਕੂਲ ਹੁਣ 1 ਜੁਲਾਈ ਨੂੰ ਸਿੱਧੇ ਖੁੱਲ੍ਹਣਗੇ। ਉੱਥੇ ਪ੍ਰਾਈਵੇਟ ਸਕੂਲਾਂ ਨੇ ਵੀ ਛੁੱਟੀਆਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। 20 ਮਈ ਤੱਕ ਲਗਭਗ ਸਾਰੇ ਸਕੂਲਾਂ ਵਿੱਚ ਛੁੱਟੀਆਂ ਸ਼ੁਰੂ ਹੋ ਜਾਣਗੀਆਂ।
EDITED BY- HARLEEN KAUR



