
ਭਾਰਤੀ ਮੌਸਮ ਵਿਭਾਗ ਮੁਤਾਬਕ 2 ਮਈ ਤੋਂ ਹਿਮਾਲੀਅਨ ਖੇਤਰ ਵਿੱਚ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਇਸ ਗੜਬੜੀ ਕਰਕੇ ਪੰਜਾਬ ਅਤੇ ਹਰਿਆਣਾ ਵਿੱਚ 7 ਮਈ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 2, 3, 6 ਤੇ 7 ਮਈ ਨੂੰ ਮੀਂਹ ਪੈ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (2 ਮਈ) ਤੋਂ ਸ਼ੁਰੂ ਹੋ ਕੇ ਅਗਲੇ ਪੰਜ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ ਉਤੇ ਗਰਜ-ਤੂਫ਼ਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਇਸ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ।
ਤਾਪਮਾਨ 1.1 ਡਿਗਰੀ ਸੈਲਸੀਅਸ ਘਟ ਗਿਆ, ਜੋ ਹੁਣ ਆਮ ਨਾਲੋਂ 2.8 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਸੱਤ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।




