ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਸਥਿਤ ਸਰਕਾਰੀ ਕੁਆਰਟਰਾਂ ਵਿੱਚ ਰਹਿ ਰਹੀ ਇੱਕ ਮਹਿਲਾ ਡਾਕਟਰ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਡਾਕਟਰ ਰੀਆ (30) ਵਜੋਂ ਹੋਈ ਹੈ, ਜੋ ਕਿ ਮੂਲ ਰੂਪ ਵਿੱਚ ਬਠਿੰਡਾ ਦੀ ਰਹਿਣ ਵਾਲੀ ਸੀ। ਡਾਕਟਰ ਰੀਆ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪਿਛਲੇ ਡੇਢ ਮਹੀਨੇ ਤੋਂ ਤੈਨਾਤ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ। ਥਾਣਾ ਫਤਿਹਗੜ੍ਹ ਸਾਹਿਬ ਦੇ ਮੁਖੀ ਅਸ਼ੋਕ ਕੁਮਾਰ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡਾਕਟਰ ਰੀਆ ਨੇ ਆਪਣੇ ਸਰਕਾਰੀ ਨਿਵਾਸ ‘ਤੇ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਪੁਲਿਸ ਮੁਤਾਬਕ ਹੁਣ ਤੱਕ ਦੀ ਤਲਾਸ਼ੀ ਦੌਰਾਨ ਮੌਕੇ ਤੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮ੍ਰਿਤਕਾ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।
ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਠਿੰਡਾ ਵਿਖੇ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਬਿਆਨਾਂ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਘਟਨਾ ਕਾਰਨ ਹਸਪਤਾਲ ਸਟਾਫ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
EDITED BY- HARLEEN KAUR



