
ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਅੱਜ ਯਾਨੀ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ 3 ਘੰਟੇ ਫ੍ਰੀ ਕਰ ਦਿੱਤੇ ਗਏ ਹਨ। ਦਰਅਸਲ, ਆਜ਼ਾਦ ਕਿਸਾਨ ਮੋਰਚਾ (ਏ. ਕੇ. ਐੱਮ.) ਪੰਜਾਬ ਵੱਲੋਂ ਕਿਸਾਨੀ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਪ੍ਰੋਗਰਾਮ ਸੀ, ਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਜੱਥੇਬੰਦੀ ਨੇ ਆਪਣਾ ਫ਼ੈਸਲਾ ਬਦਲ ਲਿਆ ਹੈ। 16 ਕਿਸਾਨ ਜੱਥੇਬੰਦੀਆਂ ’ਤੇ ਆਧਾਰਿਤ ਆਜ਼ਾਦ ਕਿਸਾਨ ਮੋਰਚਾ ਪੰਜਾਬ ਹੁਣ 4 ਮਈ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ੇ ਅਣਮਿੱਥੇ ਸਮੇਂ ਲਈ ਬੰਦ ਕਰਨ ਫ੍ਰੀ ਕਰਨ ਦਾ ਐਲਾਨ ਕਰ ਦਿੱਤਾ।
ਏ. ਕੇ. ਐੱਮ. ਪੰਜਾਬ ਦੇ ਆਗੂ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਗਵਰਨਰ ਹਾਊਸ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਦਾ ਸੱਦਾ ਮਿਲਿਆ ਹੈ। ਮੀਟਿੰਗ 4 ਮਈ ਸ਼ਾਮ 6:15 ਵਜੇ ਗਵਰਨਰ ਹਾਊਸ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਹੋਵੇਗੀ। ਇਸ ਮੀਟਿੰਗ ’ਚ ਏ. ਕੇ. ਐੱਮ. ਪੰਜਾਬ ਦਾ ਵਫ਼ਦ ਸ਼ਾਮਲ ਹੋਵੇਗਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਗੱਲਬਾਤ ਕਰੇਗਾ।
ਇਸ ਤੋਂ ਪਹਿਲਾਂ ਜੱਥੇਬੰਦੀ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੂਬੇ ਭਰ ਦੇ ਟੋਲ ਪਲਾਜ਼ਿਆਂ ਨੂੰ ਪੱਕੇ ਤੌਰ ’ਤੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ, ਜਿਸ ਨਾਲ ਆਮ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਸੀ ਪਰ ਹੁਣ ਪ੍ਰਸ਼ਾਸਨ ਵੱਲੋਂ ਗੱਲਬਾਤ ਦਾ ਰਸਤਾ ਖੋਲ੍ਹਣ ਨਾਲ ਟੋਲ ਪਲਾਜ਼ਿਆਂ ’ਤੇ ਪੂਰਨ ਜਾਮ ਨਹੀਂ ਲੱਗੇਗਾ ਤੇ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
EDITED BY- HARLEEN KAUR




