
ਪਠਾਨਕੋਟ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਖਾਸ ਆਪਰੇਸ਼ਨ ਦੌਰਾਨ ਗੈਰ ਕਾਨੂੰਨੀ ਹਥਿਆਰਾਂ ਨਾਲ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਮੁਤਾਬਕ ਇਹ ਨੌਜਵਾਨ ਲੋਕਾਂ ਨੂੰ ਹਥਿਆਰਾਂ ਦੇ ਜ਼ੋਰ ‘ਤੇ ਡਰਾ-ਧਮਕਾ ਕੇ ਉਨ੍ਹਾਂ ਤੋਂ ਜਬਰਨ ਪੈਸੇ ਵਸੂਲਦੇ ਸਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਐਸਐਸਪੀ ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਉਹਨਾਂ ਅਪਰਾਧੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜੋ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਦੇ ਹਨ ਜਾਂ ਟਾਰਗੇਟ ਕਿਲਿੰਗ ਵਰਗੀਆਂ ਵਾਰਦਾਤਾਂ ਨਾਲ ਜੁੜੇ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸਵਿਫਟ ਡਿਜ਼ਾਇਰ ਕਾਰ ਵਿੱਚ ਤਿੰਨ ਨੌਜਵਾਨ ਗੈਰ ਕਾਨੂੰਨੀ ਹਥਿਆਰਾਂ ਸਮੇਤ ਪਠਾਨਕੋਟ ਤੋਂ ਕਾਨਵਾ ਇਲਾਕੇ ਵੱਲ ਜਾ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਸਰਗਰਮ ਹੋ ਗਈਆਂ ਅਤੇ ਕਾਨਵਾ ਇਲਾਕੇ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਕਾਰ ਨੂੰ ਰੋਕ ਲਿਆ ਗਿਆ।
ਜਦੋਂ ਪੁਲਿਸ ਨੇ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਏ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਗਲੋਕ-19 ਪਿਸਟਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਸ਼ੁਰੂਆਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਹਥਿਆਰ USA ਮੇਡ ਹਨ ਅਤੇ ਗੁਆਂਢੀ ਦੇਸ਼ ਪਾਕਿਸਤਾਨ ਰਾਹੀਂ ਉਨ੍ਹਾਂ ਤੱਕ ਪਹੁੰਚੇ ਹੋ ਸਕਦੇ ਹਨ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਗਿਰੋਹ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ, ਪਰ ਸਮੇਂ ਸਿਰ ਕੀਤੀ ਕਾਰਵਾਈ ਨਾਲ ਵੱਡਾ ਖ਼ਤਰਾ ਟਲ ਗਿਆ। ਪੁਲਿਸ ਵੱਲੋਂ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ ਵਿਪਨ ਕੁਮਾਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਹੁਣ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹਥਿਆਰ ਕਿਹੜੇ ਨੈੱਟਵਰਕ ਰਾਹੀਂ ਇੱਥੇ ਤੱਕ ਪਹੁੰਚੇ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਫਿਲਹਾਲ ਇਸ ਕਾਰਵਾਈ ਨੂੰ ਪਠਾਨਕੋਟ ਪੁਲਿਸ ਦੀ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ।




