Ravneet Bittu ਦੀਆਂ ਵਧੀਆਂ ਮੁਸ਼ਕਿਲਾਂ
ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ। ਧੂਰੀ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿੱਚ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆਂ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ (SSP) ਤੋਂ ਰਿਪੋਰਟ ਤਲਬ ਕਰਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।
ਇਹ ਵਿਵਾਦ ਧੂਰੀ ਦੌਰੇ ਨਾਲ ਜੁੜਿਆ ਹੋਇਆ ਹੈ। ਨਗਰ ਨਿਗਮ ਚੋਣਾਂ ਦੇ ਮਾਹੌਲ ਦੌਰਾਨ ਬਿੱਟੂ ਦੀ ਉੱਥੇ ਡਿਊਟੀ ‘ਤੇ ਤੈਨਾਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਿੱਖੀ ਬਹਿਸ ਹੋਈ ਸੀ। ਆਰੋਪ ਹੈ ਕਿ ਇਸ ਗਹਿਮਾ-ਗਹਿਮੀ ਵਿੱਚ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਪੁਲਿਸ ਕਰਮੀਆਂ ਅਤੇ ਹੋਰ ਲੋਕਾਂ ਖ਼ਿਲਾਫ਼ ਜਾਤੀਸੂਚਕ ਸ਼ਬਦ ਵਰਤੇ।
ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਖ਼ਬਰਾਂ ਦੇ ਲਿੰਕ ਪੁਲਿਸ ਪ੍ਰਸ਼ਾਸਨ ਨੂੰ ਭੇਜ ਦਿੱਤੇ ਹਨ। ਨਾਲ ਹੀ ਸੰਗਰੂਰ ਦੇ SSP ਨੂੰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਐਸਸੀ ਕਮਿਸ਼ਨ ਨੇ ਜਾਂਚ ਰਿਪੋਰਟ ਜਮ੍ਹਾਂ ਕਰਵਾਉਣ ਲਈ 1 ਜੂਨ 2026 ਸਵੇਰੇ 9 ਵਜੇ ਤੱਕ ਦਾ ਸਮਾਂ ਦਿੱਤਾ ਹੈ। ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ SP ਹੈੱਡਕੁਆਰਟਰ, ਸੰਗਰੂਰ ਰਾਹੀਂ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ। ਇਸੇ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।
EDITED BY- HARLEEN KAUR




