
ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਅਤੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਸਾਂਝੀ ਕਾਰਵਾਈ ਕਰਦਿਆਂ ਉਨ੍ਹਾਂ ਪਾਇਲ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਰਾਣੋ ਵਿੱਚ ਸਾਬਕਾ ਸਰਪੰਚ ਅਤੇ ਕਥਿਤ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦੇ ਮੁੱਖ ਸਰਗਨਾ ਗੁਰਦੀਪ ਸਿੰਘ ਰਾਣੋ ਦੀਆਂ ਗੈਰ-ਕਾਨੂੰਨੀ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ ਗਿਆ।
ਸੂਤਰਾਂ ਅਨੁਸਾਰ ਗੁਰਦੀਪ ਸਿੰਘ ਰਾਣੋ ਵੱਲੋਂ ਨਸ਼ਾ ਤਸਕਰੀ ਰਾਹੀਂ ਕਥਿਤ ਤੌਰ ’ਤੇ ਇਕੱਠੀ ਕੀਤੀ ਗਈ ਅਕੂਤ ਦੌਲਤ ਨਾਲ ਬਣਾਈ ਗਈ ਆਲੀਸ਼ਾਨ ਕੋਠੀ, ਫਾਰਮ ਹਾਊਸ ਅਤੇ ਹੋਰ ਜਾਇਦਾਦਾਂ ਦੀ ਪਹਿਲਾਂ ਵਿਸਥਾਰਪੂਰਵਕ ਪੈਮਾਇਸ਼ ਕੀਤੀ ਗਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਪਿੰਡ ਰਾਣੋ ਵਿਖੇ 1.5 ਏਕੜ ਤੋਂ ਵੱਧ ਖੇਤਰ ਵਿੱਚ ਫੈਲੀ ਮਹਿਲਨੁਮਾ ਕੋਠੀ ਅਤੇ ਹੋਰ ਉਸਾਰੀਆਂ ਦਾ ਨਕਸ਼ਾ ਸੰਬੰਧਿਤ ਅਥਾਰਟੀ ਤੋਂ ਮਨਜ਼ੂਰ ਨਹੀਂ ਕਰਵਾਇਆ ਗਿਆ ਸੀ ਅਤੇ ਨਿਰਮਾਣ ਨਿਯਮਾਂ ਦੀ ਉਲੰਘਣਾ ਕਰਕੇ ਕੀਤਾ ਗਿਆ ਸੀ।
ਗਲਾਡਾ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਬੁਲਡੋਜ਼ਰ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜ਼ਿਕਰਯੋਗ ਹੈ ਕਿ ਇਸ ਜਾਇਦਾਦ ਨੂੰ ਢਾਹੁਣ ਤੋਂ ਰੋਕਣ ਲਈ ਪਰਿਵਾਰ ਵੱਲੋਂ ਅਦਾਲਤ ਦਾ ਰੁਖ ਕੀਤਾ ਗਿਆ ਸੀ, ਪਰ ਸੰਬੰਧਿਤ ਰਿੱਟ ਪਟੀਸ਼ਨ ਖਾਰਜ ਹੋਣ ਮਗਰੋਂ ਸਰਕਾਰੀ ਏਜੰਸੀਆਂ ਲਈ ਕਾਰਵਾਈ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਸੀ।
ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਰਾਣੋ ਨੇ ਕਥਿਤ ਤੌਰ ’ਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਰਾਹੀਂ ਲਗਭਗ 50 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਇਕੱਠੀ ਕੀਤੀ ਸੀ। ਇਸ ਵਿੱਚ ਸ਼ਾਨਦਾਰ ਕੋਠੀਆਂ, ਫਾਰਮ ਹਾਊਸ, ਪਲਾਟ, ਖੇਤੀਬਾੜੀ ਜ਼ਮੀਨਾਂ ਅਤੇ ਮਹਿੰਗੀਆਂ ਗੱਡੀਆਂ ਸ਼ਾਮਲ ਹਨ। ਇਸੇ ਕਾਰਨ ਹੁਣ ਉਸ ਦੀਆਂ ਸਾਰੀਆਂ ਚੱਲ ਅਤੇ ਅਚੱਲ ਸੰਪਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਸ ਵੱਲੋਂ ਕੈਨੇਡਾ, ਅਮਰੀਕਾ, ਜਰਮਨੀ, ਇੰਗਲੈਂਡ, ਆਸਟਰੀਆ ਅਤੇ ਆਸਟਰੇਲੀਆ ਤੋਂ ਆਉਣ ਵਾਲੀ ਇਸ ਰਕਮ ਦੇ ਆਧਾਰ ’ਤੇ ਕਥਿਤ ਤੌਰ ’ਤੇ ਤਸਕਰੀ ਨੈੱਟਵਰਕ ਨੂੰ ਚਲਾਇਆ ਜਾਂਦਾ ਰਿਹਾ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਕਾਊਂਟਰ ਇੰਟੈਲੀਜੈਂਸ ਸਮੇਤ ਕਈ ਏਜੰਸੀਆਂ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਸੀ ਕਿ ਇਸ ਨੈੱਟਵਰਕ ਦੇ ਤਾਰ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹੋਏ ਸਨ।
ਪੁਲਿਸ ਅਨੁਸਾਰ ਰਾਣੋ ਦਾ ਨੈੱਟਵਰਕ ਪੰਜਾਬ ਦੇ ਨਾਲ-ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਚੰਡੀਗੜ੍ਹ ਅਤੇ ਮੁਹਾਲੀ ਤੱਕ ਫੈਲਿਆ ਹੋਇਆ ਸੀ। ਨਸ਼ਿਆਂ ਦੇ ਕਾਰੋਬਾਰ ਤੋਂ ਪ੍ਰਾਪਤ ਹੋਈ ਰਕਮ ਨੂੰ ਵੱਖ-ਵੱਖ ਜਾਇਦਾਦਾਂ ਅਤੇ ਕਾਰੋਬਾਰਾਂ ਵਿੱਚ ਨਿਵੇਸ਼ ਕਰਨ ਦੇ ਵੀ ਤੱਥ ਸਾਹਮਣੇ ਆਏ ਹਨ ਅਤੇ ਹੁਣ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
EDITED BY- HARLEEN KAUR



