ਪੰਜਾਬ ਅਤੇ ਚੰਡੀਗੜ੍ਹ ‘ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ
ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅੱਜ (3 ਜੂਨ) ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਹੀ ਹੈ। ਇਸ ਕਰਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਦੋ ਦਿਨ ਤੇਜ਼ ਤੂਫਾਨ, ਬਿਜਲੀ ਚਮਕਣ ਅਤੇ ਮੀਂਹ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਘੱਟ ਹੈ। ਉੱਥੇ ਹੀ ਬਠਿੰਡਾ ਵਿੱਚ ਸਭ ਜ਼ਿਆਦਾ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 35.3 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅਜਿਹੇ ਵਿੱਚ ਹੀਟਵੇਵ ਨਹੀਂ ਚੱਲੇਗੀ।
ਸੂਬੇ ਦੇ 18 ਜ਼ਿਲ੍ਹਿਆਂ ਲਈ ਗਰਜ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।




