
ਜਲੰਧਰ ਦੇ ਪਿੰਡ ਸੁੱਚੀ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਇੱਕ ਕਿਸਾਨ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਆਪਣੇ ਖੇਤ ਵਿੱਚ ਟਰੈਕਟਰ ਨਾਲ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਿਆ। ਟਰੈਕਟਰ ਪਲਟਣ ਕਾਰਨ ਗੁਲਜ਼ਾਰ ਸਿੰਘ ਉਸ ਦੇ ਹੇਠਾਂ ਦੱਬ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਕਿਸਾਨ ਨੂੰ ਬਚਾਉਣ ਲਈ ਜੱਦੋਜਹਿਦ ਸ਼ੁਰੂ ਕਰ ਦਿੱਤੀ। ਲੋਕਾਂ ਨੇ ਟਰੈਕਟਰ ਹੇਠੋਂ ਗੁਲਜ਼ਾਰ ਸਿੰਘ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਗੰਭੀਰ ਸੱਟਾਂ ਕਾਰਨ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਇਸ ਘਟਨਾ ਨਾਲ ਪਿੰਡ ਸੁੱਚੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
EDITED BY- HARLEEN KAUR




