ਪੰਜਾਬ ਸਰਕਾਰ ਖ਼ਿਲਾਫ਼ ਆਸ਼ਾ ਵਰਕਰਾਂ ਦਾ ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਬਰਨਾਲਾ ਵਿਖੇ ਡੀਸੀ ਦਫ਼ਤਰ ਅੱਗੇ ਆਸ਼ਾ ਵਰਕਰਾਂ ਨੇ “ਭਾਂਡੇ ਖੜਕਾਓ ਸਰਕਾਰ ਜਗਾਓ” ਨਾਰੇ ਹੇਠ ਧਰਨਾ ਲਗਾ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਵਰਕਰਾਂ ਨੇ ਸਰਕਾਰ ‘ਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਆਸ਼ਾ ਵਰਕਰ ਆਗੂ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਪਿਛਲੇ ਕਰੀਬ 18 ਸਾਲਾਂ ਤੋਂ ਨਿਗੂਣੇ ਮਾਣ-ਭੱਤੇ ‘ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ 2500 ਰੁਪਏ ਮਾਣ-ਭੱਤੇ ਨੂੰ ਦੁੱਗਣਾ ਕਰਕੇ 5000 ਰੁਪਏ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।




