टॉप न्यूज़

ਦੋ ਧਿਰਾਂ ਦੀ ਲੜਾਈ ਸੁਲਝਾਉਣੀ ਪਈ ਮਹਿੰਗੀ

ਗਵਾਈ ਜਾਨ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬੌਂਕੜ ਗੁੱਜਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਗਏ ਇੱਕ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਜਾਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਬਜ਼ੁਰਗ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ, ਜਿਸ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਹੁਣ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ 22 ਮਈ ਨੂੰ ਪਿੰਡ ਬੌਂਕੜ ਗੁੱਜਰਾਂ ਵਿੱਚ ਦੋ ਧਿਰਾਂ ਵਿਚਕਾਰ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਬਜ਼ੁਰਗ ਸੁਖਦੇਵ ਸਿੰਘ ਉੱਥੇ ਪਹੁੰਚੇ ਸਨ। ਪਰਿਵਾਰ ਦਾ ਦਾਅਵਾ ਹੈ ਕਿ ਵਿਵਾਦ ਦੌਰਾਨ ਇੱਕ ਧਿਰ ਦੇ ਲੋਕਾਂ ਨੇ ਪਹਿਲਾਂ ਸੁਖਦੇਵ ਸਿੰਘ ਨੂੰ ਟ੍ਰੈਕਟਰ ਨਾਲ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਉਸ ਤੋਂ ਬਾਅਦ ਕਹੀਆਂ ਅਤੇ ਡੰਡਿਆਂ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਮ੍ਰਿਤਕ ਦੇ ਪੋਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਸੁਖਦੇਵ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਕਈ ਦਿਨਾਂ ਤੱਕ ਜ਼ਿੰਦਗੀ ਲਈ ਸੰਘਰਸ਼ ਕਰਨ ਤੋਂ ਬਾਅਦ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ।
ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਰਾਜਨੀਤਿਕ ਆਗੂਆਂ ਤੱਕ ਵੀ ਪਹੁੰਚ ਕੀਤੀ ਗਈ ਸੀ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਅਤੇ ਅਜੇ ਤੱਕ ਮੁੱਖ ਦੋਸ਼ੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੁਣ ਪੁਲਿਸ ਵੱਲੋਂ ਸੁਖਦੇਵ ਸਿੰਘ ਦਾ ਪੋਸਟਮਾਰਟਮ ਕਰਵਾਉਣ ਲਈ ਕਿਹਾ ਜਾ ਰਿਹਾ ਹੈ, ਪਰ ਪਰਿਵਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਬਜ਼ੁਰਗ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਦੂਜੇ ਪਾਸੇ, ਇਸ ਮਾਮਲੇ ਸਬੰਧੀ ਥਾਣਾ ਕੂੰਮਕਲਾਂ ਦੀ ਮੁਖੀ ਇੰਸਪੈਕਟਰ ਮਧੂ ਬਾਲਾ ਨੇ ਦੱਸਿਆ ਕਿ 22 ਮਈ ਨੂੰ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਇਸ ਸਬੰਧੀ ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਹੁਣ ਸੁਖਦੇਵ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਨਵੇਂ ਸਿਰੇ ਤੋਂ ਅੱਗੇ ਵਧਾਈ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!