
ਅੰਮ੍ਰਿਤਸਰ ਵਿੱਚ 17 ਸਾਲਾ ਵਿਦਿਆਰਥਣ ਦੀ ਮੌਤ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਮ੍ਰਿਤਕਾ ਦੀ ਪਛਾਣ ਅਮਜੋਤ ਕੌਰ ਔਲਖ ਵਜੋਂ ਹੋਈ ਹੈ, ਜੋ ਡੀ.ਡੀ.ਆਈ.ਐਸ. (DDIS) ਸਕੂਲ ਵਿੱਚ ਪੜ੍ਹਾਈ ਕਰ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਫੀਸ ਜਮ੍ਹਾਂ ਨਾ ਹੋਣ ਕਾਰਨ ਸਕੂਲ ਸਟਾਫ਼ ਵੱਲੋਂ ਉਨ੍ਹਾਂ ਦੀ ਧੀ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਆ ਗਈ ਅਤੇ ਉਸ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ।
ਜਾਣਕਾਰੀ ਅਨੁਸਾਰ ਵਿਦਿਆਰਥਣ ਦੀ ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕਾ ਦੇ ਪਰਿਵਾਰ ਨੇ ਗੱਲਬਾਤ ਕਰਦਿਆਂ ਸਕੂਲ ਪ੍ਰਬੰਧਨ ’ਤੇ ਗੰਭੀਰ ਦੋਸ਼ ਲਗਾਏ ਹਨ। ਵਿਦਿਆਰਥਣ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਹਰ ਕਲਾਸ ਵਿੱਚ ਵਧੀਆ ਅੰਕ ਪ੍ਰਾਪਤ ਕਰਦੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅਮਜੋਤ ਕੌਰ ਨੇ ਕਈ ਵਾਰ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਦਬਾਅ ਬਾਰੇ ਪਰਿਵਾਰ ਨੂੰ ਜਾਣੂ ਕਰਵਾਇਆ ਸੀ।
ਪਰਿਵਾਰ ਦੇ ਅਨੁਸਾਰ ਸਕੂਲ ਦੀ ਪ੍ਰਿੰਸੀਪਲ, ਕਲਾਸ ਟੀਚਰ ਅਤੇ ਹੋਰ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥਣ ’ਤੇ ਵਾਧੂ ਦਬਾਅ ਬਣਾਇਆ ਜਾਂਦਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਅਮਜੋਤ ਕੌਰ ਨੂੰ ਕਈ ਵਾਰ ਹੋਰ ਵਿਦਿਆਰਥੀਆਂ ਦੇ ਸਾਹਮਣੇ ਅਪਮਾਨਿਤ ਕੀਤਾ ਜਾਂਦਾ ਸੀ ਅਤੇ ਫੀਸ ਸਬੰਧੀ ਮਾਮਲਿਆਂ ਨੂੰ ਲੈ ਕੇ ਉਸ ’ਤੇ ਲਗਾਤਾਰ ਦਬਾਅ ਬਣਾਇਆ ਜਾਂਦਾ ਸੀ।
ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਵਿਦਿਆਰਥਣ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਜ਼ਿੰਮੇਵਾਰੀਆਂ ਵੀ ਨਿਭਾਉਣ ਲਈ ਕਿਹਾ ਜਾਂਦਾ ਸੀ, ਜਿਸ ਕਾਰਨ ਉਹ ਲਗਾਤਾਰ ਤਣਾਅ ਵਿੱਚ ਰਹਿੰਦੀ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਵਿਦਿਆਰਥੀ ਨੂੰ ਅਜਿਹੀਆਂ ਸਥਿਤੀਆਂ ਦਾ ਸਾਹਮਣਾ ਨਾ ਕਰਨਾ ਪਵੇ।
ਉਧਰ ਵਿਜੇ ਨਗਰ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ 17 ਸਾਲਾ ਵਿਦਿਆਰਥਣ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ।



