
ਮਾਨਸਾ ਜ਼ਿਲ੍ਹੇ ਦੇ ਭੀਖੀ ਨੇੜੇ ਬਹਾਦੁਰ ਸਿੰਘ ਵਾਲਾ ਡਰੇਨ ਪੁਲ ਕੋਲ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਟਰਾਲੇ ਦੀ ਟੱਕਰ ਕਾਰਨ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸੁਖਵੀਰ ਸਿੰਘ (18), ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18), ਪੁੱਤਰ ਛਿੰਦਾ ਸਿੰਘ ਵਜੋਂ ਹੋਈ ਹੈ। ਦੋਵੇਂ ਪਿੰਡ ਹਮੀਰਗੜ੍ਹ ਢੱਪਈ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਆਪਣੇ ਪਿੰਡ ਹਮੀਰਗੜ੍ਹ ਢੱਪਈ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਗੰਭੀਰ ਸੱਟਾਂ ਕਾਰਨ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਦਸੇ ਲਈ ਜ਼ਿੰਮੇਵਾਰ ਟਰਾਲਾ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਦਰਦਨਾਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
EDITED BY- HARLEEN KAUR




