टॉप न्यूज़

ਹੁਸ਼ਿਆਰਪੁਰ ‘ਚ ਅਵਾਰਾ ਕੁੱਤਿਆਂ ਦਾ ਕਹਿਰ

ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ

ਹੁਸ਼ਿਆਰਪੁਰ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਚਾਰ ਸਾਲਾ ਮਾਸੂਮ ਬੱਚੀ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਬੱਚੀ ਆਪਣੇ ਪਰਿਵਾਰ ਨਾਲ ਖੇਤ ਵਿੱਚ ਗਈ ਹੋਈ ਸੀ, ਜਿੱਥੇ ਉਸ ਦੇ ਮਾਪੇ ਝੋਨੇ ਦੀ ਲਵਾਈ ਕਰ ਰਹੇ ਸਨ। ਇਸ ਦੌਰਾਨ ਬੱਚੀ ਉਨ੍ਹਾਂ ਤੋਂ ਕਰੀਬ 100 ਮੀਟਰ ਦੀ ਦੂਰੀ ‘ਤੇ ਸੀ।

ਜਾਣਕਾਰੀ ਅਨੁਸਾਰ ਮ੍ਰਿਤਕਾ ਗੁਨਗੁਨ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਧਿਆਨਪੁਰ ਪਿੰਡ ਦਾ ਰਹਿਣ ਵਾਲਾ ਹੈ। ਇਹ ਪਰਿਵਾਰ ਦਸੂਹਾ ਦੇ ਬਸੀ ਜਲਾਲ ਪਿੰਡ ਵਿੱਚ ਰਹਿ ਕੇ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਮਜ਼ਦੂਰ ਰਾਮ ਜੀਵਨ ਅਤੇ ਉਸ ਦੀ ਪਤਨੀ ਪ੍ਰੀਤੀ ਇੱਕ ਕਿਸਾਨ ਦੇ ਖੇਤ ਵਿੱਚ ਝੋਨੇ ਦੀ ਲਵਾਈ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਧੀ ਗੁਨਗੁਨ ਨੂੰ ਖੇਤ ਤੋਂ ਕਰੀਬ 100 ਮੀਟਰ ਦੂਰ ਮੋਟਰ ਕੋਲ ਦਰੱਖਤ ਦੀ ਛਾਂ ਹੇਠਾਂ ਸੁਤਾਇਆ ਹੋਇਆ ਸੀ।

ਐਤਵਾਰ ਸ਼ਾਮ ਕਰੀਬ 5:30 ਵਜੇ ਸੱਤ ਦੇ ਲਗਭਗ ਆਵਾਰਾ ਕੁੱਤਿਆਂ ਦੇ ਝੁੰਡ ਨੇ ਗੁਨਗੁਨ ‘ਤੇ ਹਮਲਾ ਕਰ ਦਿੱਤਾ। ਕੁੱਤੇ ਉਸ ਨੂੰ ਕੁਝ ਦੂਰੀ ਤੱਕ ਘਸੀਟ ਕੇ ਲੈ ਗਏ। ਬੱਚੀ ਦੀਆਂ ਚੀਕਾਂ ਸੁਣ ਕੇ ਉਸ ਦੇ ਮਾਪੇ ਅਤੇ ਹੋਰ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ, ਜਿੱਥੇ ਗੁਨਗੁਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।

ਪਰਿਵਾਰਕ ਮੈਂਬਰ ਤੁਰੰਤ ਬੱਚੀ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਉੱਥੇ ਦੇਰ ਰਾਤ ਇਲਾਜ ਦੌਰਾਨ ਗੁਨਗੁਨ ਨੇ ਦਮ ਤੋੜ ਦਿੱਤਾ।

ਜ਼ਿਕਰਯੋਗ ਹੈ ਕਿ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ 6 ਮਈ ਨੂੰ ਨੇੜਲੇ ਪਿੰਡ ਖਰਲ ਖੁਰਦ ਵਿੱਚ ਵੀ ਆਵਾਰਾ ਕੁੱਤਿਆਂ ਨੇ ਇੱਕ ਪ੍ਰਵਾਸੀ ਮਜ਼ਦੂਰ ਦੀ ਮਾਸੂਮ ਧੀ ‘ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!