टॉप न्यूज़

ਗੁਰਦਾਸਪੁਰ ‘ਚ ਵਧਿਆ ਆਵਾਰਾ ਕੁੱਤਿਆਂ ਦਾ ਖ਼ਤਰਾ

6 ਲੋਕ ਬਣੇ ਸ਼ਿਕਾਰ

ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਨੇੜਲੇ ਪਿੰਡ ਭਿਖਾਰੀਵਾਲ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਲੋਕਾਂ ਲਈ ਵੱਡੀ ਚਿੰਤਾ ਦਾ ਕਾਰਨ ਬਣ ਗਿਆ ਹੈ। ਪਿੰਡ ਵਿੱਚ ਇੱਕ ਮਹਿਲਾ ਸਮੇਤ ਛੇ ਲੋਕਾਂ ਨੂੰ ਆਵਾਰਾ ਕੁੱਤਿਆਂ ਨੇ ਕੱਟ ਕੇ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖ਼ਮੀਆਂ ਵਿੱਚ ਇੱਕ ਬਜ਼ੁਰਗ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਸਿਵਲ ਹਸਪਤਾਲ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਰਹਿਣ ਵਾਲੇ ਬਜ਼ੁਰਗ ਮੱਖਣ ਮਸੀਹ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਇੱਕ ਆਵਾਰਾ ਕੁੱਤੇ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਅਚਾਨਕ ਅਤੇ ਤੇਜ਼ ਸੀ ਕਿ ਬਜ਼ੁਰਗ ਸੰਭਲ ਨਾ ਸਕੇ ਅਤੇ ਜ਼ਮੀਨ ‘ਤੇ ਡਿੱਗ ਪਏ। ਇਸ ਤੋਂ ਬਾਅਦ ਕੁੱਤਾ ਉਨ੍ਹਾਂ ਨੂੰ ਬੁਰੀ ਤਰ੍ਹਾਂ ਨੋਚਣ ਲੱਗ ਪਿਆ।
ਘਟਨਾ ਨੂੰ ਦੇਖ ਕੇ ਆਲੇ-ਦੁਆਲੇ ਮੌਜੂਦ ਪਿੰਡ ਵਾਸੀ ਤੁਰੰਤ ਮਦਦ ਲਈ ਦੌੜੇ। ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕੁੱਤੇ ਨੂੰ ਉਥੋਂ ਭਜਾਇਆ ਅਤੇ ਬਜ਼ੁਰਗ ਨੂੰ ਉਸ ਦੇ ਚੰਗੁਲ ਤੋਂ ਛੁਡਵਾਇਆ। ਇਸ ਹਮਲੇ ਦੌਰਾਨ ਮੱਖਣ ਮਸੀਹ ਨੂੰ ਗੰਭੀਰ ਸੱਟਾਂ ਲੱਗੀਆਂ।
ਮੱਖਣ ਮਸੀਹ ਦੇ ਪੁੱਤਰ ਸਤਨਾਮ ਮਸੀਹ ਅਤੇ ਗੁਪ੍ਰੀਤ ਨੇ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਉਹ ਆਪਣੇ ਪਿਤਾ ਨੂੰ ਇਲਾਜ ਲਈ ਕਲਾਨੌਰ ਦੇ ਕਮਿਊਨਿਟੀ ਹੈਲਥ ਸੈਂਟਰ ਲੈ ਕੇ ਗਏ। ਉੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕੀਤਾ, ਪਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ।
ਇਸੇ ਦੌਰਾਨ ਪਿੰਡ ਵਿੱਚ ਇੱਕ ਮਹਿਲਾ ਸਮੇਤ ਕੁੱਲ ਛੇ ਲੋਕ ਆਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋਏ ਹਨ। ਇਸ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅਤੇ ਹੁਣ ਉਹ ਰਾਹਗੀਰਾਂ ‘ਤੇ ਵੀ ਹਮਲੇ ਕਰਨ ਲੱਗੇ ਹਨ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਹੋਰ ਲੋਕ ਵੀ ਇਸ ਦਾ ਸ਼ਿਕਾਰ ਹੋ ਸਕਦੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!