ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਬਾਰਿਸ਼ ਕਾਰਨ ਸਕੂਲਾਂ ‘ਚ ਛੁੱਟੀ ਦਾ ਹੋਇਆ ਐਲਾਨ
ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ
ਮਾਨਸੂਨ ਦੀ ਐਂਟਰੀ ਨੇ ਕਈ ਸੂਬਿਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਵਿੱਚ ਇਲਾਕੇ ਜਲਥਲ ਹੋਏ ਹਨ। ਜਿਸ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਬੁੱਧਵਾਰ ਸ਼ਾਮ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ, ਅੱਜ (9 ਜੁਲਾਈ) 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਵਿੰਦਰ ਕੁਮਾਰ ਮੰਧਾਡ ਨੇ ਭਾਰੀ ਬਾਰਿਸ਼ ਅਤੇ ਵਿਆਪਕ ਪਾਣੀ ਭਰਨ ਕਾਰਨ ਵੀਰਵਾਰ ਨੂੰ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਗਾਜ਼ੀਆਬਾਦ ਵਿੱਚ ਦੇਰ ਸ਼ਾਮ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਜ਼ਿਲ੍ਹੇ ਵਿੱਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਖਰਾਬ ਮੌਸਮ ਦੇ ਵਿਚਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਉਨ੍ਹਾਂ ਨੇ ਸਕੂਲ ਛੁੱਟੀਆਂ ਦਾ ਆਦੇਸ਼ ਜਾਰੀ ਕੀਤਾ ਹੈ।
ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਬੰਧਤ ਵਿਭਾਗਾਂ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਖਰਾਬ ਮੌਸਮ ਦੌਰਾਨ ਘਰ ਵਿੱਚ ਸੁਰੱਖਿਅਤ ਰਹਿਣ।
EDITED BY- HARLEEN KAUR




