
ਪੰਜਾਬ ਅਤੇ ਚੰਡੀਗੜ੍ਹ ਦੇ 21 ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਮੀਂਹ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ ਪਰ 13 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੀਜ਼ਨ ਦੇ ਕਮਜ਼ੋਰ ਹੋਣ ਨਾਲ ਮੌਸਮ ਖੁਸ਼ਕ ਵੱਲ ਵਾਪਸ ਆਉਣ ਅਤੇ ਤਾਪਮਾਨ ਵਧਣ ਦੀ ਉਮੀਦ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸੱਤ ਜ਼ਿਲ੍ਹਿਆਂ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ ਅਤੇ ਹੁਸ਼ਿਆਰਪੁਰ ਲਈ ਦਰਮਿਆਨੀ ਬਾਰਿਸ਼ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਪਰ ਇਹ ਅਜੇ ਵੀ ਆਮ ਨਾਲੋਂ 2.5 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 10 ਅਤੇ 12 ਜੁਲਾਈ ਦੇ ਵਿਚਕਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 13 ਅਤੇ 15 ਜੁਲਾਈ ਦੇ ਵਿਚਕਾਰ ਬਾਰਿਸ਼ ਦੀ ਗਤੀਵਿਧੀ ਵਿੱਚ ਕਾਫ਼ੀ ਕਮੀਂ ਆਵੇਗੀ, ਸਿਰਫ ਇੱਕ-ਦੋ ਥਾਵਾਂ ‘ਤੇ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ। ਇਸ ਤੋਂ ਬਾਅਦ, ਰਾਜ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹੇਗਾ ਅਤੇ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਉਮੀਦ ਹੈ।
EDITED BY- HARLEEN KAUR



