
ਮਾਨਸਾ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਕੁਝ ਅੰਗਾਂ ‘ਤੇ ਇਤਰਾਜ਼ਯੋਗ ਅਤੇ ਗੰਦੀਆਂ ਗੱਲਾਂ ਲਿਖੀਆਂ ਹੋਈਆਂ ਮਿਲੀਆਂ। ਘਟਨਾ ਸਾਹਮਣੇ ਆਉਣ ਤੋਂ ਬਾਅਦ ਸੰਗਤ ਵਿੱਚ ਭਾਰੀ ਰੋਸ ਦੇਖਿਆ ਗਿਆ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਦੁਆਰੇ ਦੇ ਗ੍ਰੰਥੀ ਨੇ ਦੱਸਿਆ ਕਿ ਇਹ ਘਟਨਾ ਕਈ ਮਹੀਨੇ ਪਹਿਲਾਂ ਦੀ ਹੈ। ਗ੍ਰੰਥੀ ਗੁਰਵਿੰਦਰ ਸਿੰਘ ਨੂੰ ਕਰੀਬ ਦੋ ਮਹੀਨੇ ਪਹਿਲਾਂ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਇਸ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਜਾ ਚੁੱਕੀ ਸੀ।
ਗ੍ਰੰਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਨਿਰੀਖਣ ਕੀਤਾ, ਤਾਂ ਕੁਝ ਅੰਗਾਂ ‘ਤੇ ਇਤਰਾਜ਼ਯੋਗ ਅਤੇ ਗੰਦੀਆਂ ਗਾਲ੍ਹਾਂ ਲਿਖੀਆਂ ਹੋਈਆਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸੰਗਤ ਨੂੰ ਇਸ ਦੀ ਜਾਣਕਾਰੀ ਦਿੱਤੀ, ਤਾਂ ਕਿ ਉਨ੍ਹਾਂ ‘ਤੇ ਕਿਸੇ ਤਰ੍ਹਾਂ ਦਾ ਸ਼ੱਕ ਨਾ ਹੋਵੇ। ਉਨ੍ਹਾਂ ਨੇ ਇਹ ਵੀ ਸਵਾਲ ਉਠਾਇਆ ਕਿ ਸ਼ਿਕਾਇਤ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ।
ਪਿੰਡ ਦੇ ਸਰਪੰਚ ਰਿੱਕੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਅੱਜ ਹੀ ਮਿਲੀ ਹੈ। ਗੁਰਦੁਆਰਾ ਕਮੇਟੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਇਸ ਸਬੰਧ ਵਿੱਚ ਐਸਜੀਪੀਸੀ ਨੂੰ ਸ਼ਿਕਾਇਤ ਭੇਜੀ ਗਈ ਸੀ ਅਤੇ ਅੱਜ ਇਸ ਮਾਮਲੇ ਨੂੰ ਲੈ ਕੇ ਇੱਕ ਮੀਟਿੰਗ ਵੀ ਹੋਣੀ ਹੈ। ਸਰਪੰਚ ਨੇ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਾ ਜਾਵੇ ਅਤੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
EDITED BY- HARLEEN KAUR



