ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ
ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਥਲ-ਪੁਥਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਨਾਲ ਹੀ ਕਈ ਪਾਰਟੀਆਂ ਵਿੱਚ ਜੋੜ-ਤੋੜ ਵੀ ਵੇਖੀ ਜਾ ਰਹੀ ਹੈ। ਦਰਅਸਲ, ਜਿੱਥੇ ਕਈ ਆਗੂਆਂ ਵੱਲੋਂ ਆਪਣੀ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ, ਉੱਥੇ ਹੀ ਕਈ ਨਵੀਆਂ ਪਾਰਟੀਆਂ ਦਾ ਹਿੱਸਾ ਬਣ ਰਹੇ ਹਨ। ਇਸ ਵਿਚਾਲੇ ਤਰਨ ਤਾਰਨ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜਦੋਂ ਪਾਰਟੀ ਦੇ ਨਾਮੀ ਆਗੂ ਨੇ ਪੋਸਟ ਪਾ ਕੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕਰ ਦਿੱਤਾ।
ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਉਸ ਸਮੇਂ ਵੱਡੀ ਹਲਚਲ ਮੱਚ ਗਈ ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਵਰਕਿੰਗ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਪੱਤਰ ਭੇਜਿਆ ਹੈ।
ਇਸਦੇ ਨਾਲ ਹੀ ਇਕਬਾਲ ਸਿੰਘ ਸੰਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਿਤ ਕਰਦਿਆਂ ਲਿਖਿਆ ਹੈ ਕਿ ਉਹ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫੇ ਨੂੰ ਪ੍ਰਵਾਨ ਕੀਤਾ ਜਾਵੇ।
ਇਸ ਅਸਤੀਫੇ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਵੱਖ-ਵੱਖ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਕਿ ਆਖਿਰ ਇੰਨੇ ਸੀਨੀਅਰ ਆਗੂ ਨੇ ਪਾਰਟੀ ਛੱਡਣ ਦਾ ਫੈਸਲਾ ਕਿਉਂ ਲਿਆ। ਪਾਰਟੀ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।
EDITED BY- HARLEEN KAUR




