
ਵਿਧਾਨ ਸਭਾ ਹਲਕਾ ਭੋਆ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪਿੰਡ ਪਲਾਹ ਵਿੱਚ ਕਾਂਗਰਸ ਪਾਰਟੀ ਨਾਲ ਜੁੜੇ ਪ੍ਰਿਤਪਾਲ ਸਿੰਘ ਉਰਫ਼ ਬੰਟੀ ਆਪਣੇ ਕਰੀਬ ਦੋ ਦਰਜਨ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸ਼ਾਮਿਲ ਹੋਣ ਨਾਲ ਇਲਾਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ ਅਤੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਪਿੰਡ ਪਲਾਹ, ਖੋਜਕੀ ਚੱਕ, ਬਲੋਤਰ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪਾਰਟੀ ਦੀ ਕਾਰਗੁਜ਼ਾਰੀ ’ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਕਰ ਦਾ ਮਾਣ-ਸਨਮਾਨ ਕਰਦੀ ਹੈ ਅਤੇ ਨਵੇਂ ਸ਼ਾਮਲ ਹੋਣ ਵਾਲੇ ਸਾਰੇ ਸਾਥੀ ਵੀ ਪਾਰਟੀ ਪਰਿਵਾਰ ਦਾ ਹਿੱਸਾ ਹਨ।
ਕੈਬਨਿਟ ਮੰਤਰੀ ਨੇ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਹਲਕਾ ਭੋਆ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਨਵੇਂ ਸਾਥੀਆਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪ੍ਰਿਤਪਾਲ ਸਿੰਘ ਉਰਫ਼ ਬੰਟੀ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪੰਜਾਬ ਸਰਕਾਰ ਦੇ ਕੰਮਕਾਜ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਲੋਕਾਂ ਪ੍ਰਤੀ ਸਮਰਪਿਤ ਭੂਮਿਕਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਇਹ ਫ਼ੈਸਲਾ ਲਿਆ ਹੈ।
EDITED BY- HARLEEN KAUR




